ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਸਣੇ ਹੋਰ ਧਾਰਮਿਕ ਗ੍ਰੰਥਾਂ ਅਤੇ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਇਸ ਮਾਮਲੇ ਵਿੱਚ ਮੌਤ ਦੀ ਸਜ਼ਾ ਹੋਣ ਦਾ ਪ੍ਰਸਤਾਵ ਰੱਖਿਆ। ਸ੍ਰੀ ਧਾਮੀ ਦਾ ਇਹ ਨਜ਼ਰੀਆ ਉਸ ਵੇਲੇ ਸਾਹਮਣੇ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀਆਂ ਨਾਲ ਸਬੰਧਤ ਮਾਮਲੇ ਨੂੰ ਵਿਚਾਰਨ ਲਈ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਤਾਬਦੀਆਂ ਮਨਾਉਣ ਸਬੰਧੀ ਸ਼੍ੋਮਣੀ ਕਮੇਟੀ ਵੱਲੋਂ 14 ਜੁਲਾਈ ਨੂੰ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਟੂਡੀਓ ਵਿਚ ਸਿੱਖ ਇਤਿਹਾਸ, ਗੁਰਮਤਿ ਸਿਧਾਂਤ ਅਤੇ ਸਿੱਖ ਰਹਿਤ ਮਰਿਆਦਾ ’ਤੇ ਆਧਾਰਤ ਪ੍ਰੋਗਰਾਮ ਤਿਆਰ ਕੀਤੇ ਜਾਣਗੇ।