ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਸੰਗਤਾਂ ਨਗਰ ਕੀਰਤਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤਾਂ ਅਤੇ ਸੰਸਥਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਮਾਣਾ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਲਿਆਂਦੇ ਜਾ ਰਹੇ ਨਗਰ ਕੀਰਤਨ ਦਾ ਭਰਪੂਰ ਸਾਥ ਦਿੱਤਾ ਜਾਵੇ। ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਗੁਰੂ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤਿ ਗੁਰੂ ਮੰਨਦੇ ਹਨ, ਇਸ ਲਈ ਦੇਸ਼ ਦੇ ਕਾਨੂੰਨ ਵਿੱਚ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਨੂੰ ਕਾਇਮ ਰੱਖਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਵਿਸ਼ੇਸ਼ ਅਤੇ ਸਖ਼ਤ ਪ੍ਰਬੰਧ ਹੋਣੇ ਚਾਹੀਦੇ ਹਨ। ਜਥੇਦਾਰ ਗੜਗੱਜ ਨੇ ਸਰਕਾਰਾਂ ਅਤੇ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਇਨਸਾਫ਼ ਦੇਣ ਵਿੱਚ ਪ੍ਰਸ਼ਾਸਨ ਨਾਕਾਮ ਸਾਬਤ ਹੋਇਆ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਅਕਸਰ ਪੁਲੀਸ ਦੋਸ਼ੀਆਂ ਨੂੰ ਮਾਨਸਿਕ ਤੌਰ ’ਤੇ ਬਿਮਾਰ ਦੱਸ ਕੇ ਬਚਾਅ ਕਰਦੀ ਹੈ, ਜਿਸ ਨਾਲ ਅਸਲ ਸਾਜ਼ਿਸ਼ਘੜੇ ਪਰਦੇ ਪਿੱਛੇ ਰਹਿ ਜਾਂਦੇ ਹਨ। ਉਨ੍ਹਾਂ ਇਸ ਨੂੰ ਸਿੱਖ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ ’ਤੇ ਗੰਭੀਰ ਚਿੰਤਨ ਦੀ ਲੋੜ ਹੈ। ਜਥੇਦਾਰ ਨੇ ਐਲਾਨ ਕੀਤਾ ਕਿ ਬੇਅਦਬੀਆਂ ਨੂੰ ਠੱਲ੍ਹਣ ਲਈ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਗਲੀ ਇਕੱਤਰਤਾ ਸੱਦੀ ਜਾਵੇਗੀ ਤਾਂ ਜੋ ਸਮੁੱਚੀ ਕੌਮ ਨੂੰ ਇਕਜੁੱਟ ਕਰਕੇ ਇੱਕ ਠੋਸ ਰਣਨੀਤੀ ਉਲੀਕੀ ਜਾ ਸਕੇ।

Scroll to Top