ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ ਤਿੰਨ ਸਾਲ ਤੋਂ ਸੰਘਰਸ਼ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਅੱਜ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਵਿੱਚ ਚੜ੍ਹਦੀਕਲਾ ਪੰਥਕ ਇਕੱਠ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਦੇ ਹੱਲ ਲਈ ਸੰਜੀਦਗੀ ਨਾਲ ਭੂਮਿਕਾ ਨਾ ਨਿਭਾਉਣ ਦੀ ਨਿਖੇਧੀ ਕੀਤੀ। ਇਸ ਦੌਰਾਨ ਬੁੜੈਲ ਜੇਲ੍ਹ ਵਿੱਚ ਬੰਦ ਬੰਦੀ ਸਿੰਘ ਪਰਮਜੀਤ ਸਿੰਘ ਭਿਓਰਾ ਵੱਲੋਂ ਵੀ ਉਚੇਚੇ ਤੌਰ ’ਤੇ ਸੰਗਤ ਨੂੰ ਸੰਦੇਸ਼ ਭੇਜਿਆ ਗਿਆ। ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਸਬੰਧੀ ਕਾਨੂੰਨ ਬਣਾਉਣ ਸਬੰਧੀ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਮਤੇ ਪ੍ਰਵਾਨਗੀ ਲਈ ਸਪੀਕਰ ਨੂੰ ਭੇਜੇ ਜਾਣਗੇ। ਇਕੱਠ ਨੂੰ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਐਡਵੋਕੇਟ ਮਨਦੀਪ ਸਿੰਘ ਸਿੱਧੂ, ‘ਵਾਰਿਸ ਪੰਜਾਬ ਦੇ’ ਜਥੇਬੰਦੀ ਤੋਂ ਭਾਈ ਤਰਸੇਮ ਸਿੰਘ, ਭਾਈ ਕਰਮਜੀਤ ਸਿੰਘ, ਨਿਹੰਗ ਮੁਖੀ ਬਾਬਾ ਰਾਮਰਾਜ ਸਿੰਘ ਅਤੇ ਤਾਮਿਲਨਾਡੂ ਦੇ ਸਿੱਖ ਆਗੂ ਐਡਵੋਕੇਟ ਜੀਵਨ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ’ਤੇ ਇੱਕੋ ਸੰਵਿਧਾਨ ਤਹਿਤ ਘੱਟ ਗਿਣਤੀਆਂ ਅਤੇ ਬਹੁ ਗਿਣਤੀ ਲਈ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਇਆ। ਪੰਥਕ ਇਕੱਠ ਵਿੱਚ ਸ਼ਾਮਲ ਸਮੂਹ ਪੰਥਕ ਅਤੇ ਪੰਜਾਬ ਹਿਤੈਸ਼ੀ ਜਥੇਬੰਦੀਆਂ ਨੇ ਪਹਿਲੀ ਮਾਰਚ ਤੱਕ ਜਥੇਦਾਰ ਹਵਾਰਾ ਨੂੰ ਛੁੱਟੀ ਦੇਣ ਲਈ ਅਲਟੀਮੇਟਮ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਚਾਹੁਣ ਤਾਂ ਜਥੇਦਾਰ ਹਵਾਰਾ ਨੂੰ ਦੋ ਘੰਟੇ ਵਿੱਚ ਛੁੱਟੀ ਦੇ ਸਕਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇ 1 ਮਾਰਚ ਤੱਕ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਰਧ ਮਾਤਾ ਨੂੰ ਮਿਲਣ ਦੀ ਛੁੱਟੀ ਨਾ ਦਿੱਤੀ ਗਈ ਤਾਂ 2 ਮਾਰਚ ਨੂੰ 12: 30 ਵਜੇ ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ’ਚ ਇਕੱਠ ਕਰੇਗਾ।
