ਭਾਜਪਾ ਨਾਲ ਵੀ ਗੱਠਜੋੜ ਬਾਰੇ ਸੋਚਿਆ ਜਾ ਸਕਦੈ: ਜਗੀਰ ਕੌਰ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਵੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਦਲ ਨੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਹਿਤੈਸ਼ੀਆਂ ਨੂੰ ਇਕੱਠੇ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਲਈ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਵੀ ਗੱਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਭਾਜਪਾ ਪੰਜਾਬ ਅਤੇ ਪੰਥਕ ਮੁੱਦੇ ਹੱਲ ਕਰਦੀ ਹੈ ਤਾਂ ਉਸ ਨਾਲ ਵੀ ਸਮਝੌਤੇ ਬਾਰੇ ਸੋਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ। ਪੰਜਾਬ ਸਰਕਾਰ ਵੱਲੋਂ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਬਾਰੇ ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਨੂੰ ਦੁਨਿਆਵੀ ਕਾਨੂੰਨ ਵਿੱਚ ਬੰਨ੍ਹਣਾ ਗ਼ਲਤ ਹੈ। ਸਾਲ 2008 ਵਿੱਚ ਬਣਾਇਆ ਕਾਨੂੰਨ ਵੀ ਗੁਰੂ ਗ੍ਰੰਥ ਸਾਹਿਬ ਦੀ ਲਿਖਾਈ, ਛਪਾਈ ਅਤੇ ਸੇਵਾ ਸੰਭਾਲ ’ਚ ਕੁਤਾਹੀ ਰੋਕਣ ਲਈ ਸੀ, ਜਦੋਂਕਿ ਧਾਰਾ 295 ਏ ਵਿੱਚ ਸੋਧ ਹੋਣੀ ਚਾਹੀਦੀ ਹੈ। ਉਨ੍ਹਾਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ’ਤੇ ਐੱਨ ਐੱਸ ਏ ਲਗਾਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਖ਼ਿਲਾਫ਼ ਦਰਜ ਕੇਸ ਪੰਜਾਬ ਵਿੱਚ ਚਲਾਇਆ ਜਾਣਾ ਚਾਹੀਦਾ ਸੀ। ਬੀਬੀ ਜਗੀਰ ਕੌਰ ਨੇ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਫ਼ੌਰੀ ਤੌਰ ’ਤੇ ਲਾਗੂ ਹੋਣਾ ਚਾਹੀਦਾ ਹੈ।

Scroll to Top