ਭਾਜਪਾ ਵੱਲੋਂ ਪੁਲੀਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ

ਸ਼ਹਿਰ ਵਿੱਚ ‘ਆਮ ਆਦਮੀ ਪਾਰਟੀ’ ਅਤੇ ‘ਭਾਰਤੀ ਜਨਤਾ ਪਾਰਟੀ’ ਵਿਚਾਲੇ ਸ਼ੁਰੂ ਹੋਈ ਸਿਆਸੀ ਜੰਗ ਹੁਣ ਸਿਆਸੀ ਘਮਸਾਨ ਵਿੱਚ ਬਦਲ ਗਈ ਹੈ। ਐਤਵਾਰ ਨੂੰ ਭਾਜਪਾ ਦਫ਼ਤਰ ਦੇ ਬਾਹਰ ਹੋਏ ਹੰਗਾਮੇ ਦੇ ਰੋਸ ਵਜੋਂ ਅੱਜ ਭਾਜਪਾ ਵਰਕਰਾਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਭਾਜਪਾ ਆਗੂਆਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਗੇਟ ਨੂੰ ਜਿੰਦਰਾ ਲਾਉਣ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਮੌਜੂਦ ਭਾਰੀ ਪੁਲੀਸ ਬਲ ਨੇ ਵਰਕਰਾਂ ਨੂੰ ਰੋਕਣ ਲਈ ਜ਼ੋਰ ਅਜ਼ਮਾਇਸ਼ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਧੱਕਾ-ਮੁੱਕੀ ਹੋਈ। ਇਸ ਖਿੱਚ-ਧੂਹ ਦੌਰਾਨ ਕਈ ਪੁਲੀਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ ਤੇ ਭਾਜਪਾ ਆਗੂ ਵੀ ਫੱਟੜ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਪ੍ਰਸ਼ਾਸਨ ’ਤੇ ਪੱਖਪਾਤੀ ਕਾਰਵਾਈ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸ਼ਹਿਰ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਦਮ ਤੋੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਨੂੰ ਕੇਂਦਰੀ ਏਜੰਸੀਆਂ ਦੀ ਕਾਰਵਾਈ ’ਤੇ ਇਤਰਾਜ਼ ਹੈ ਤਾਂ ਉਨ੍ਹਾਂ ਨੂੰ ਸੜਕਾਂ ’ਤੇ ਗੁੰਡਾਗਰਦੀ ਕਰਨ ਦੀ ਬਜਾਏ ਸਬੰਧਤ ਵਿਭਾਗਾਂ ਅੱਗੇ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਜਪਾ ਵਰਕਰ ਪੁਲੀਸ ਦੇ ਡਰੋਂ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਉਹ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖਣਗੇ। ਘੰਟਿਆਂ ਬੱਧੀ ਚੱਲੇ ਇਸ ਪ੍ਰਦਰਸ਼ਨ ਦੌਰਾਨ ਭਾਜਪਾ ਦੀਆਂ ਮਹਿਲਾ ਵਰਕਰਾਂ ਵੀ ਬੈਰੀਕੇਡਾਂ ’ਤੇ ਚੜ੍ਹ ਗਈਆਂ, ਜਿਸ ਕਾਰਨ ਪ੍ਰਸ਼ਾਸਨ ਨੂੰ ਵਾਧੂ ਫੋਰਸ ਮੰਗਵਾਉਣੀ ਪਈ।

Scroll to Top