ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੈਲੀ

ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕੀਤੇ ਤਾਂ ਉਹ ਤਿੱਖਾ ਸੰਘਰਸ਼ ਸ਼ੁਰੂ ਕਰਨਗੇ। ਉਨ੍ਹਾਂ ਪਹਿਲੀ ਅਪਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਅਰਥੀ ਫੂਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਅੱਜ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਵਿੱਚ ਕੀਤੀ ਰੈਲੀ ਦੌਰਾਨ ਵੱਡੀ ਗਿਣਤੀ ਮਜ਼ਦੂਰ ਅਤੇ ਮੁਲਾਜ਼ਮ ਸ਼ਾਮਲ ਹੋਏ। ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵਡੀ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਅੱਜ ਦੀ ਰੈਲੀ ਚਾਰ ਲੇਬਰ ਕੋਡ ਰੱਦ ਕਰਨ, ਬਿਜਲੀ ਸੋਧ ਬਿੱਲ 2025 ਰੱਦ ਕਰਨ, ਮਗਨਰੇਗਾ ਕਾਨੂੰਨ ਬਹਾਲ ਕਰਨ, ਠੇਕਾ ਵਰਕਰ ਪੱਕੇ ਕਰਨ, ਸਕੀਮ ਆਊਟਸੋਰਸ ਵਰਕਰ, ਠੇਕਾ ਮੁਲਾਜ਼ਮ, ਬਿਜਲੀ ਕਰਮਚਾਰੀ ਅਤੇ ਸਫ਼ਾਈ ਵਰਕਰਾਂ ਆਦਿ ਨੂੰ ਪੱਕਾ ਕਰਨ, ਪੇਂਡੂ ਮਜ਼ਦੂਰਾਂ ਦੀ ਦਿਹਾੜੀ 1000 ਰੁਪਏ ਕਰਨ ਆਦਿ ਸਬੰਧੀ ਕੀਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਚਾਰ ਲੇਬਰ ਕੋਡ ਮਜ਼ਦੂਰ ਵਰਗ ਲਈ ਬਹੁਤ ਘਾਤਕ ਹਨ ਅਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਮਜ਼ਦੂਰਾਂ ਦੀ ਨੌਕਰੀ ਸੁਰੱਖਿਆ ਖ਼ਤਰੇ ਵਿੱਚ ਆ ਜਾਵੇਗੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਬਿਜਲੀ ਬਿੱਲ 2025 ਤਹਿਤ ਬਿਜਲੀ ਵੰਡ ਖੇਤਰ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੀ ਸ਼ਕੁੰਤਲਾ ਸਰੋਏ, ਮਿੱਡ-ਡੇਅ ਮੀਲ ਵਰਕਰ ਯੂਨੀਅਨ ਦੀ ਲਖਵਿੰਦਰ ਕੌਰ, ਪੀ ਐੱਮ ਯੂਨੀਅਨ ਦੇ ਮੰਗਾ ਸਿੰਘ ਬੇਰੋਕੇ ਅਤੇ ਹੰਸਰਾਜ ਪੱਦਵਾਂ, ਜੋਗਿੰਦਰ ਪਾਲ ਗੁਰਦਾਸਪੁਰ, ਅਵਤਾਰ ਸਿੰਘ ਤਾਰੀ ਨੇ ਵੀ ਸੰਬੋਧਨ ਕੀਤਾ।

Scroll to Top