ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਮੀਤ ਸਕੱਤਰ ਅਜ਼ਾਦਦੀਪ ਸਿੰਘ ਜਾਣਗੇ। ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ਵਿੱਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਭਾਰੀ ਉਤਸ਼ਾਹ ਤੇ ਖ਼ੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜ਼ਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।
