ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਨਾਲ ਅੱਜ ਮੁਲਾਕਾਤ ਕੀਤੀ। ਅੱਧੇ ਘੰਟੇ ਦੀ ਇਸ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਮਜੀਠੀਆ ਦੇ ਹੌਸਲੇ ਬੁਲੰਦ ਹਨ ਤੇ ਕਿਸੇ ਅਕਾਲੀ ਵਰਕਰ ਨੂੰ ਝੂਠੇ ਕੇਸਾਂ ਜਾਂ ਜੇਲ੍ਹਾਂ ਨਾਲ ਡਰਾਇਆ ਨਹੀਂ ਜਾ ਸਕਦਾ। ਭਗਵੰਤ ਮਾਨ ਕੇਂਦਰ ਸਰਕਾਰ ਦੇ ਦਬਾਅ ਹੇਠ ਹੈ, ਜਿਸ ਕਾਰਨ ਸੂਬੇ ਦੇ ਹਿੱਤ ਖਤਰੇ ਵਿੱਚ ਹਨ। ਪਿਛਲੇ ਦਿਨੀਂ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਚਾਲੇ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਪੰਜਾਬ ਲਈ ਖਤਰਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਵੰਡ ਦੇ ਮਾਮਲੇ ’ਤੇ ਚਰਚਾ ਦਾ ਕੋਈ ਮਤਲਬ ਹੀ ਨਹੀਂ ਬਣਦਾ। ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ’ਚ ਖੜ੍ਹ ਕੇ ਸੁਪਰੀਮ ਕੋਰਟ ਦੀ ਗੱਲ ਮੰਨਣ ਤੋਂ ਇਨਕਾਰ ਕੀਤਾ ਸੀ ਤੇ ਸਤਲੁਜ ਯਮੁਨਾ ਲਿੰਕ ਨਹਿਰ ਵਾਸਤੇ ਲਈ ਜ਼ਮੀਨ ਮਾਲਕਾਂ ਨੂੰ ਵਾਪਸ ਮੋੜ ਦਿੱਤੀ ਸੀ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਦੇ ਸਬੰਧ ਵਿੱਚ ਵੀ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਿਆਸੀ ਬਦਲਾਖੋਰੀ ਦੀ ਥਾਂ ਇਹ ਸਰਕਾਰ ਪੁਲੀਸ ਨੂੰ ਆਪਣਾ ਕੰਮ ਕਾਨੂੰਨ ਅਨੁਸਾਰ ਕਰਨ ਦੇਵੇ। ਬਿਕਰਮ ਮਜੀਠੀਆ ਨੂੰ ਮਿਲਣ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਨਾਭਾ ਦੇ ਰੋਹਟੀ ਬਸਤਾ ਪਿੰਡ ਦੇ ਇੱਕ ਨਿੱਜੀ ਦੁੱਧ ਦੇ ਪਲਾਂਟ ਦਾ ਵੀ ਦੌਰਾ ਕੀਤਾ।
