ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਕਿਸਾਨਾਂ ਨੂੰ ਰਾਹ ’ਚ ਰੋਕਿਆ

ਸੰਯੁਕਤ ਕਿਸਾਨ ਮੋਰਚਾ, ਸ਼ੈੱਲਰ ਮਾਲਕਾਂ, ਆੜ੍ਹਤੀ ਐਸੋਸੀਏਸ਼ਨਾਂ, ਅਨਾਜ ਮੰਡੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ’ਤੇ ਝੋਨੇ ਦੀ ਖ਼ਰੀਦ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀਆਂ ਸਾਂਝੀਆਂ ਹੱਦਾਂ ’ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਕਿਸਾਨ ਮੁਹਾਲੀ ਵਿੱਚ ਫੇਜ਼-2, ਫੇਜ਼-6, ਮਦਨਪੁਰ ਚੌਕ, ਨੇਚਰ ਪਾਰਕ ਫੇਜ਼-9 (ਬੁੜੈਲ ਜੇਲ੍ਹ ਦੇ ਪਿੱਛੇ) ਸਮੇਤ ਮੁਹਾਲੀ ਏਅਰਪੋਰਟ ਸੜਕ ’ਤੇ ਲਾਲ ਬੱਤੀ ਪੁਆਇੰਟ ਨੇੜੇ ਧਰਨੇ ਲਗਾ ਕੇ ਬੈਠ ਗਏ। ਬੁਲਾਰਿਆਂ ਨੇ ਮੁੱਖ ਮੰਤਰੀ ’ਤੇ ਕਿਸਾਨਾਂ ਨੂੰ ਮਿਲੇ ਬਿਨਾਂ ਚਲੇ ਜਾਣ ਦਾ ਦੋਸ਼ ਲਾਇਆ। ਇਸੇ ਦੌਰਾਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬੋਘ ਸਿੰਘ ਮਾਨਸਾ ਅਤੇ ਹੋਰ ਕਈ ਕਿਸਾਨਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਪੁਲੀਸ ਨੇ ਜ਼ਬਰਦਸਤੀ ਆਪਣੀ ਬੱਸ ਵਿੱਚ ਬਿਠਾ ਕੇ ਨਜ਼ਰਬੰਦ ਕਰ ਲਿਆ। ਬੱਸ ਵਿੱਚ ਡੱਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਭਲਕੇ 19 ਅਕਤੂਬਰ ਨੂੰ ਸ਼ਾਮ 4 ਵਜੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ ਪਰ ਫਿਲਹਾਲ ਕਿਸਾਨ ਧਰਨੇ ’ਤੇ ਡਟੇ ਹੋਏ ਹਨ। ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਤੇਜਿੰਦਰ ਸਿੰਘ ਪੂਨੀਆ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਗੁਰਦੁਆਰਾ ਸਾਹਿਬ ਮਟੌਰ ਤੋਂ ਲੰਗਰ-ਪਾਣੀ ਲੈ ਕੇ ਕਿਸਾਨ ਭਵਨ ਪੁੱਜਿਆ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਲੰਗਰ ਪਰੋਸਿਆ ਗਿਆ।

Scroll to Top