ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਖੁਦਕੁਸ਼ੀ ਮਾਮਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਅਤੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਇੱਕ ਮੰਚ ‘ਤੇ ਇਕੱਠੀਆਂ ਹੋ ਗਈਆਂ ਹਨ। ਇਸ ਸਬੰਧ ਵਿੱਚ ਪਹਿਲਾਂ ਸੈਕਟਰ-4 ਸਥਿਤ ਐੱਮ ਐੱਲ ਏ ਹੋਸਟਲ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਲਈ ਇਕੱਠੇ ਹੋਏ ਪਰ ਚੰਡੀਗੜ੍ਹ ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਕਾਰਕੂਨਾਂ ਨੂੰ ਬੈਰੀਕੇਡਿੰਗ ਕਰਕੇ ਐੱਮ ਐੱਲ ਏ ਹੋਸਟਲ ਦੇ ਗੇਟ ਉੱਥੇ ਰੋਕ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਣੇ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।
