ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਸਣੇ ਹੋਰਨਾਂ ਵਰਗਾਂ ਦੀਆਂ ਮੰਗਾਂ ਮਨਵਾਉਣ ਲਈ ਅੱਜ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹੋਰਨਾਂ ਵਜ਼ੀਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਮੁਜ਼ਾਹਰਿਆਂ ’ਚ ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ, ਠੇਕਾ ਮੁਲਾਜ਼ਮਾਂ ਅਤੇ ਹੋਰਨਾਂ ਵਰਗਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਮੂਹਰੇ ਦਿੱਤੇ ਧਰਨੇ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ। ਇਸੇ ਕਰ ਕੇ ਅਮਰੀਕਾ ਦੇ ਕਹੇ ਅਨੁਸਾਰ ਭਾਰਤ-ਅਮਰੀਕਾ ਵਿਚਕਾਰ ਕਰ ਮੁਕਤ ਵਪਾਰ ਸਮਝੌਤੇ ਕੀਤੇ ਜਾ ਰਹੇ ਹਨ। ਇਹ ਸਮਝੌਤੇ ਕਿਸਾਨਾਂ, ਮਜ਼ਦੂਰਾਂ ਤੇ ਹੋਰਨਾਂ ਵਰਗਾਂ ਲਈ ਵਧੇਰੇ ਘਾਤਕ ਹਨ। ਇਸ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ ਜਦੋਂ ਕਿ ਅਮਰੀਕਾ ਦਾ ਭਾਰੀ ਮਾਤਰਾ ਵਿੱਚ ਸਾਮਾਨ ਭਾਰਤ ਵਿੱਚ ਆਉਣ ਨਾਲ ਭਾਰਤੀਆਂ ਦੇ ਕਾਰੋਬਾਰ ਉੱਤੇ ਵੀ ਅਸਰ ਪਵੇਗਾ। ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਸਣੇ ਹੋਰਨਾਂ ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਮੰਗ ਕੀਤੀ ਕਿ ਦੇਸ਼ ਦੇ ਕਰੋੜਾਂ ਲੋਕਾਂ ਦੇ ਹਿੱਤਾਂ ਨੂੰ ਟਰੰਪ ਸਰਕਾਰ ਸਾਹਮਣੇ ਵੇਚਣ ਵਾਲੇ ਵਣਜ ਮੰਤਰੀ ਪਿਯੂਸ਼ ਗੋਇਲ ਨੂੰ ਬਰਖ਼ਾਸਤ ਕੀਤਾ ਜਾਵੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਨਾਲ ਵਪਾਰ ਸਮਝੌਤੇ ’ਤੇ ਦਸਤਖ਼ਤ ਨਾ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਸੂਬੇ ਵਿੱਚ ਪਾਣੀ ਦੇ ਵਧ ਰਹੇ ਸੰਕਟ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਅਤੇ ਪੰਜਾਬ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਮੋਰਚੇ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਜੀ ਰਾਮ ਜੀ ਕਾਨੂੰਨ ਲਿਆਉਣ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜੀ ਰਾਮ ਜੀ ਕਾਨੂੰਨ ਨੂੰ ਮੁੜ ਤੋਂ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਬਿਜਲੀ ਤੇ ਬੀਜ ਬਿੱਲ ਵਾਪਸ ਲਏ ਜਾਣ। ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਲਈ 10 ਮਾਰਚ ਨੂੰ ਬਰਨਾਲਾ ਵਿੱਚ ਕੀਤੀ ਜਾਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨਪਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ, ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਬੋਘ ਸਿੰਘ ਮਾਨਸਾ, ਕਿਰਨਜੀਤ ਸਿੰਘ ਸੇਖੋਂ, ਨਿਰਵੈਲ ਸਿੰਘ ਡਾਲੇਕੇ, ਬਲਵਿੰਦਰ ਸਿੰਘ ਰਾਜੂ ਔਲਖ, ਕੰਵਲਪ੍ਰੀਤ ਸਿੰਘ ਪੰਨੂ, ਏਟਕ ਆਗੂ ਨਿਰਮਲ ਸਿੰਘ ਧਾਲੀਵਾਲ, ਸੀਟੂ (ਚੰਦਰ ਸ਼ੇਖਰ) ਤੋਂ ਮਹਾਂ ਸਿੰਘ ਰੋੜੀ, ਇਫਟੂ ਦੇ ਕੁਲਵਿੰਦਰ ਸਿੰਘ ਵੜੈਚ, ਸਾਂਝਾ ਮਜ਼ਦੂਰ ਮੋਰਚਾ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ, ਤਰਸੇਮ ਪੀਟਰ, ਗੁਰਨਾਮ ਸਿੰਘ ਦਾਊਦ, ਦੇਵੀ ਕੁਮਾਰੀ, ਹਰਪਾਲ ਸਿੰਘ, ਗੋਬਿੰਦ ਸਿੰਘ ਛਾਂਜਲੀ, ਬਿੱਕਰ ਸਿੰਘ ਹਥੋਆਂ ਅਤੇ ਕੁਲਵੰਤ ਸਿੰਘ ਸੇਲਬਰਾਹ ਨੇ ਸੰਬੋਧਨ ਕੀਤਾ।
