ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਡੇਢ ਦਹਾਕਾ ਪਹਿਲਾਂ ਰਾਸ਼ਟਰਪਤੀ ਕੋਲ ਪਾਈ ਗਈ ਮਰਸੀ ਪਟੀਸ਼ਨ (ਰਹਿਮ ਦੀ ਅਪੀਲ) ਬਾਬਤ ਸਲਾਹ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਸਿੱਖ ਵਿਦਵਾਨਾਂ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਅਤੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਕਈਆਂ ਨੇ ਇਹ ਪਟੀਸ਼ਨ ਵਾਪਸ ਨਾ ਲੈਣ ’ਤੇ ਜ਼ੋਰ ਦਿੱਤਾ ਤੇ ਕਈਆਂ ਨੇ ਇਹ ਪਟੀਸ਼ਨ ਵਾਪਸ ਲੈਣ ਲਈ ਕਿਹਾ। ਇਸ ਤੋਂ ਇਲਾਵਾ ਕਈਆਂ ਨੇ ਆਪਣੇ ਸੁਝਾਅ ਵੀ ਦਿੱਤੇ। ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਸੀ ਕਿ ਅਜੇ ਪੜਾਅ ਵਾਰ ਮੀਟਿੰਗਾਂ ਚੱਲ ਰਹੀਆਂ ਹਨ ਤੇ ਇਸ ਸਬੰਧੀ ਅੰਤਿਮ ਫੈਸਲਾ ਅਗਲੇ ਦਿਨੀਂ ਨੁਮਾਇੰਦਾ ਇਕੱਠ ਵਿਚ ਲਿਆ ਜਾਵੇਗਾ। ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਹੋਈ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਕਾਰਜਕਾਰੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰਾਂ ਜਸਮੇਰ ਸਿੰਘ ਲਾਛੜੂ, ਰਾਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ ਤੇ ਗੁਰਚਰਨ ਸਿੰਘ ਗਰੇਵਾਲ, ਡਾ. ਬਲਕਾਰ ਸਿੰਘ, ਡਾ. ਕੇਹਰ ਸਿੰਘ, ਡਾ. ਸਰਬਜਿੰਦਰ ਸਿੰਘ, ਡਾ. ਪਰਮਵੀਰ ਸਿੰਘ, ਡਾ. ਜਸਵਿੰਦਰ ਸਿੰਘ ਖੁਣਖੁਣਕਲਾਂ, ਡਾ. ਪ੍ਰਿਤਪਾਲ ਸਿੰਘ, ਡਾ. ਹਰਭਜਨ ਸਿੰਘ ਦੇਹਰਾਦੂਨ ਤੇ ਤਲਵਿੰਦਰ ਸਿੰਘ ਬੁੱਟਰ ਸਣੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਵੀ ਸ਼ਾਮਲ ਹੋਏ।