ਹਰਸਿਮਰਤ ਕੌਰ ਬਾਦਲ ਨੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਰਾਹੀਂ ਜਾਂਚ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਇਸ ਮਾਮਲੇ ਵਿੱਚ ਲਿਖਤੀ ਰੂਪ ਵਿੱਚ ਕੇਂਦਰ ਸਰਕਾਰ ਤੋਂ ਸੀ ਬੀ ਆਈ ਜਾਂਚ ਦੀ ਮੰਗ ਕਰਨ। ਸ੍ਰੀਮਤੀ ਬਾਦਲ ਨੇ ਕਿਹਾ ਕਿ ਸੰਸਦ ਵਿੱਚ ਗ੍ਰਹਿ ਮੰਤਰੀ ਵੱਲੋਂ ਦਿੱਤੇ ਬਿਆਨ ਅਨੁਸਾਰ ਜੇ ਪੰਜਾਬ ਦੇ ਸੰਸਦ ਮੈਂਬਰ ਇਕਜੁੱਟ ਹੋ ਕੇ ਲਿਖਤੀ ਬੇਨਤੀ ਕਰਦੇ ਹਨ ਤਾਂ ਕੇਂਦਰ ਸਰਕਾਰ ਸੀ ਬੀ ਆਈ ਜਾਂਚ ਦੇ ਹੁਕਮ ਜਾਰੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਜ਼ਰੂਰੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਡਾ. ਰੰਧਾਵਾ ਉੱਚ ਸਿੱਖਿਆ ਪ੍ਰਾਪਤ ਅਤੇ ਇਮਾਨਦਾਰ ਅਧਿਕਾਰੀ ਸਨ। ਮੌਤ ਤੋਂ ਥੋੜ੍ਹਾ ਸਮਾਂ ਪਹਿਲਾਂ ਉਨ੍ਹਾਂ ਵੀਡੀਓ ਰਿਕਾਰਡ ਕਰ ਕੇ ਆਪਣੇ ਉੱਤੇ ਪੈ ਰਹੇ ਦਬਾਅ ਬਾਰੇ ਖ਼ੁਲਾਸਾ ਕੀਤਾ ਸੀ। ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀ ’ਤੇ ਗ਼ੈਰਕਾਨੂੰਨੀ ਦਬਾਅ ਬਣਾਇਆ ਅਤੇ ਕਥਿਤ ਧਮਕੀਆਂ ਵੀ ਦਿੱਤੀਆਂ। ਹਰਸਿਮਰਤ ਕੌਰ ਬਾਦਲ ਅੱਜ ਆਰਿਆ ਸਮਾਜ ਚੌਕ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਸਦੀਵੀਂ ਪ੍ਰੇਰਨਾ ਦਾ ਸਰੋਤ ਹਨ।
