ਲਾਪਤਾ ਸਰੂਪ ਮਾਮਲਾ: ਸਿੱਟ ਵੱਲੋਂ ਪੰਜਾਬ ਵਿੱਚ 15 ਥਾਵਾਂ ’ਤੇਛਾਪੇਮਾਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਰੋਪੜ ਵਿੱਚ ਲਗਪਗ 15 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਤਲਾਸ਼ੀ ਇਸ ਕੇਸ ਵਿੱਚ ਨਾਮਜ਼ਦ 16 ਮੁਲਜ਼ਮਾਂ ਨਾਲ ਜੁੜੇ ਘਰਾਂ ਅਤੇ ਦਫ਼ਤਰਾਂ ਵਿੱਚ ਲਈ ਗਈ। ਇਸ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਜੋ ਇਸ ਜਾਂਚ ਦੀ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਐੱਸ ਆਈ ਟੀ ਪੂਰੀ ਤਰ੍ਹਾਂ ਮੈਰਿਟ ਅਤੇ ਕਾਨੂੰਨ ਦੇ ਅਨੁਸਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਾਂਚ ਦੌਰਾਨ ਕੇਸ ਨਾਲ ਸਬੰਧਤ ਸਾਰੇ ਉਪਲਬਧ ਸਬੂਤ ਰਿਕਾਰਡ ‘ਤੇ ਲਿਆਂਦੇ ਜਾਣਗੇ। ਭੁੱਲਰ ਨੇ ਅੱਗੇ ਕਿਹਾ ਕਿ ਜਾਂਚ ਨੂੰ ਇਸਦੇ ਤਰਕਪੂਰਨ ਸਿੱਟੇ ਤੱਕ ਪਹੁੰਚਾਇਆ ਜਾਵੇਗਾ ਅਤੇ ਚਿਤਾਵਨੀ ਦਿੱਤੀ ਕਿ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਸਦਾ ਅਹੁਦਾ ਜਾਂ ਪ੍ਰਭਾਵ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। ਦੱਸਣਯੋਗ ਇਸ ਮਾਮਲੇ ਵਿੱਚ 16 ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ ਜਿਨਾਂ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਵਿਦੇਸ਼ ਵਿੱਚ ਹਨ। ਇਸ ਮਾਮਲੇ ਵਿੱਚ ਸਤਿੰਦਰ ਪਾਲ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਇਸ ਵੇਲੇ ਪੁਲੀਸ ਰਿਮਾਂਡ ਤੇ ਹੈ ।

Scroll to Top