ਵਿੱਤ ਮੰਤਰੀ ਨੂੰ ਸਵਾਲ ਪੁੱਛਣ ਜਾਂਦੇ ਕਿਸਾਨ ਹਿਰਾਸਤ ’ਚ ਲਏ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸ਼ਿਆਂ ਵਿਰੁੱਧ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਇੱਥੇ ਇੱਕ ਨਿੱਜੀ ਪੈਲੇਸ ਵਿੱਚ ਰੱਖੇ ਸਮਾਗਮ ਦੌਰਾਨ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਲੱਕ ਟੁੱਟਣ ਕਿਨਾਰੇ ਹੈ। ਇਸ ਦੌਰਾਨ ਮਾਨਸਾ ਪੁਲੀਸ ਨੇ ਵਿੱਤ ਮੰਤਰੀ ਚੀਮਾ ਨੂੰ ਸਵਾਲ ਪੁੱਛਣ ਜਾਂਦੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ 40 ਤੇ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਕੋਟਧਰਮੂ ਵਿੱਚ ਬੰਦ ਕਰ ਦਿੱਤਾ। ਪੁਲੀਸ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਵਿੱਤ ਮੰਤਰੀ ਨਾਲ ਮਿਲਾਉਣ ਦਾ ਭਰੋਸਾ ਦਿੱਤਾ ਸੀ। ਪੁਲੀਸ ਵੱਲੋਂ ਸਿਰਫ਼ ਪੰਜ ਕਿਸਾਨਾਂ ਨੂੰ ਹੀ ਮਿਲਣ ਦੀ ਆਗਿਆ ਦਿੱਤੇ ਜਾਣ ’ਤੇ ਆਗੂ ਸਾਰਿਆਂ ਨੂੰ ਮਿਲਾਏ ਜਾਣ ’ਤੇ ਅੜ ਗਏ। ਪ੍ਰਸ਼ਾਸਨ ਵੱਲੋਂ ਇਨਕਾਰ ਕੀਤੇ ਜਾਣ ਮਗਰੋਂ ਕਿਸਾਨਾਂ ਨੇ ਰਮਦਿੱਤੇਵਾਲਾ ਚੌਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਕੋਟਧਰਮੂ ਥਾਣੇ ਵਿੱਚ ਬੰਦ ਕਰ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਉਹ ਵਿੱਤ ਮੰਤਰੀ ਨੂੰ ਸਵਾਲ ਕਰਨਾ ਚਾਹੁੰਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਹੁਣ ਧੱਕੇਸ਼ਾਹੀ ’ਤੇ ਉਤਰ ਆਈ ਹੈ। ਵਿੱਤ ਮੰਤਰੀ ਚੀਮਾ ਨੇ ਇਥੇ ਡੀਡੀ ਫੋਰਟ ਮੈਰਿਜ ਪੈਲੇਸ ਵਿੱਚ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਵਾਸੀ ਚਾਹੁੰਦਾ ਸੀ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ। ਇਸ ਮੌਕੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵੀ ਸੰਬੋਧਨ ਕੀਤਾ।

Scroll to Top