ਸਮਾਣਾ ਵਿੱਚ ਅੱਜ ਕਿਸਾਨਾਂ ਨੇ ਗੁਰਜੀਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ। ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੈਂਬਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਤੇ ਪੁਲੀਸ ਨਾਲ ਉਨ੍ਹਾਂ ਦੀ ਝੜਪ ਹੋ ਗਈ। ਦੱਸ ਦੇਈਏ ਕਿ ਗੁਰਜੀਤ ਸਿੰਘ ਖਾਲਸਾ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਅਕਤੂਬਰ 2024 ਤੋਂ ਸਮਾਣਾ ਵਿੱਚ ਇੱਕ 400 ਫੁੱਟ ਉੱਚੇ ਬੀ.ਐਸ.ਐਨ.ਐਲ. ਟਾਵਰ ਉੱਤੇ ਚੜ੍ਹਿਆ ਹੋਇਆ ਹੈ। ਉਹ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਨਵਾਂ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਪਟਿਆਲਾ ਪੁਲੀਸ ਨੇ ਕਿਸਾਨਾਂ ਨੂੰ ਸਮਾਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੁਲੀਸ ਨੂੰ ਉਨ੍ਹਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਕੀਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਵਾਰ-ਵਾਰ ਅਪੀਲ ਕੀਤੀ। ਇਸ ਦੇ ਬਾਵਜੂਦ ਜਦੋਂ ਕਿਸਾਨ ਟਾਵਰ ਵੱਲ ਵਧਦੇ ਰਹੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਰੋਕਣਾ ਪਿਆ। ਇਸ ਭੱਜ-ਦੌੜ ਅਤੇ ਟਕਰਾਅ ਵਿੱਚ ਕੁਝ ਪੁਲੀਸ ਮੁਲਾਜ਼ਮਾਂ ਅਤੇ ਕਿਸਾਨਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲੀਸ ਨੇ ਪਹਿਲਾਂ ਹੀ ਤਿਆਰੀ ਕੀਤੀ ਹੋਈ ਸੀ। ਪੰਜਾਬ ਪੁਲੀਸ ਨੇ ਸੰਗਰੂਰ ਜ਼ਿਲ੍ਹੇ ਸਮੇਤ ਕਈ ਥਾਵਾਂ ਤੋਂ ਲਗਪਗ 90 ਕਿਸਾਨ ਆਗੂਆਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਨ੍ਹਾਂ ਵਿੱਚ ਬੀ.ਕੇ.ਯੂ. ਸਿੱਧੂਪੁਰ ਦੇ ਸੀਨੀਅਰ ਆਗੂ ਅਤੇ ਕਾਰਕੁਨ ਭਾਣਾ ਸਿੱਧੂ ਵੀ ਸ਼ਾਮਲ ਹਨ। ਭਾਣਾ ਸਿੱਧੂ ਨੂੰ ਉਸ ਸਮੇਂ ਰੋਕਿਆ ਗਿਆ ਜਦੋਂ ਉਹ ਆਪਣੀ ਗੱਡੀ ਵਿੱਚ ਧਰਨੇ ਵਾਲੀ ਥਾਂ ਵੱਲ ਜਾ ਰਹੇ ਸਨ। ਪੁਲੀਸ ਨੇ ਥਾਂ-ਥਾਂ ਨਾਕੇ ਲਗਾ ਕੇ ਕਿਸਾਨਾਂ ਨੂੰ ਸਮਾਣਾ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ।
