ਸ਼ਾਹ ਦੇ ਪੰਜਾਬ ਦੌਰੇ ਦਾ ਵਿਰੋਧ ਕਰੇਗਾ ਕਿਸਾਨ ਮਜ਼ਦੂਰ ਮੋਰਚਾ

ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ’ਚ ਖੇਤੀ ਖੇਤਰ ਨੂੰ ਸ਼ਾਮਲ ਕਰਨ ਖ਼ਿਲਾਫ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 14 ਮਾਰਚ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਮੀਟਿੰਗ ਦੌਰਾਨ ਮੋਰਚੇ ਨੇ ਵੱਖ-ਵੱਖ ਮੰਗਾਂ ਸਬੰਧੀ 19 ਮਾਰਚ ਤੋਂ ਅੰਮ੍ਰਿਤਸਰ ਵਿੱਚ ਪੱਕਾ ਮੋਰਚਾ ਲਾਉਣ ਦਾ ਫ਼ੈਸਲਾ ਵੀ ਕੀਤਾ। ਇਹ ਮੀਟਿੰਗ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਗਿੱਲ ਅਤੇ ਬਲਵੰਤ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ, ਜਿਸ ਕਰ ਕੇ 14 ਮਾਰਚ ਨੂੰ ਮੋਗਾ ਰੈਲੀ ਵਿੱਚ ਆਉਣ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਸਮਝੌਤਾ, ਬਿਜਲੀ ਸੋਧ ਬਿੱਲ, ਬੀਜ ਐਕਟ ਅਤੇ ਚਾਰ ਲੇਬਰ ਕੋਰਡ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਮਗਨਰੇਗਾ ਨੂੰ ਬਹਾਲ ਕੀਤਾ ਜਾਵੇ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰ ਕੇ ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ’ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ। ਆਗੂਆਂ ਨੇ ਕਿਹਾ ਕਿ ਸ਼ੰਭੂ ਤੇ ਖਨੌਰੀ ਮੋਰਚਿਆਂ ’ਤੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਸਣੇ ਹੋਰ ਨੁਕਸਾਨ ਦੀ ਭਰਪਾਈ, ਜ਼ਖ਼ਮੀਆਂ ਤੇ ਸ਼ਹੀਦ ਪਰਿਵਾਰਾਂ ਦੇ ਰਹਿੰਦੇ ਮੁਆਵਜ਼ੇ ਦੀ ਮੰਗ ਲਈ 19 ਮਾਰਚ ਨੂੰ ਅੰਮ੍ਰਿਤਸਰ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਹੜ੍ਹਾਂ ਦਾਮੁਆਵਜ਼ਾ ਜਲਦੀ ਜਾਰੀ ਕਰਨ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਵਰਗੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ। ਮੀਟਿੰਗ ਵਿੱਚ ਸਰਵਣ ਸਿੰਘ ਪੰਧੇਰ, ਅਮਰਜੀਤ ਸਿੰਘ ਮੋਹੜੀ, ਬਲਦੇਵ ਸਿੰਘ ਜੀਰਾ, ਦਿਲਬਾਗ ਸਿੰਘ ਹਰੀਗੜ੍ਹ, ਗੁਰਅਮਨੀਤ ਸਿੰਘ ਮਾਂਗਟ, ਐਡਵੋਕੇਟ ਹਰਮਨਦੀਪ ਸਿੰਘ, ਗੁਰਧਿਆਨ ਸਿੰਘ, ਬਲਕਾਰ ਸਿੰਘ ਬੈਂਸ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਸੁਖਚੈਨ ਸਿੰਘ ਹਾਜ਼ਰ ਸਨ।

Scroll to Top