ਪੰਜਾਬ ਵਿੱਚ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਇਥੇ ਆਪਣਾ ਵਿਜ਼ਨ ਡਾਕੂਮੈਂਟ ਜਾਰੀ ਕੀਤਾ ਗਿਆ। ਇਸ ਨੂੰ ਜਾਰੀ ਕਰਨ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਇਕਬਾਲ ਸਿੰਘ ਝੂੰਦਾਂ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਸਤਵਿੰਦਰ ਸਿੰਘ ਟੌਹੜਾ, ਕਰਨੈਲ ਸਿੰਘ ਪੀਰਮੁਹੰਮਦ ਹਾਜ਼ਰ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਕਰਜ਼ਾ ਹੋਰ ਵਧ ਗਿਆ ਹੈ। ਪਾਰਟੀ ਵੱਲੋਂ ਵਿਜ਼ਨ ਡਾਕੂਮੈਂਟ ’ਚ ਪੰਥ, ਸਿਹਤ, ਸਿੱਖਿਆ, ਸੁਰੱਖਿਆ, ਕਿਸਾਨੀ ਅਤੇ ਮੁਲਾਜ਼ਮਾਂ ਸਣੇ ਹਰੇਕ ਵਰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਚੋਣ ਨਹੀਂ ਲੜੀ ਜਾਵੇਗੀ, ਬਲਕਿ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਤੇ ਮਹਿਲਾਵਾਂ ਨੂੰ ਵਿਸ਼ੇਸ਼ ਨੁਮਾਇੰਦਗੀ ਦਿੱਤੀ ਜਾਵੇਗੀ। ਇਸ ਦੌਰਾਨ ਨੌਜਵਾਨਾਂ ਨੂੰ 40 ਫ਼ੀਸਦ ਤੇ ਮਹਿਲਾਵਾਂ ਨੂੰ 35 ਫ਼ੀਸਦ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਤੇ ਪੰਥ ਲਈ ਗੱਲ ਕਰਨ ਵਾਲੀਆਂ ਧਿਰਾਂ ਨਾਲ ਗੱਠਜੋੜ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
