ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਨੂੰ ਅਪ੍ਰਵਾਨ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਧਾਮੀ ਨੇ ਕਾਹਲੀ ਨਾਲ ਸੱਦੇ ਗਏ ਪੱਤਰਕਾਰ ਸੰਮੇਲਨ ਵਿੱਚ ਖ਼ੁਲਾਸਾ ਕੀਤਾ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਨਾਲ ਹੈ ਅਤੇ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਤੇ ਹਰ ਆਦੇਸ਼ ਦੀ ਪਾਲਣਾ ਹੁੰਦੀ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ, ‘‘ਮੌਜੂਦਾ ਸਮੇਂ ’ਚ ਕੌਮ ਸੰਕਟਮਈ ਦੌਰ ਵਿੱਚੋਂ ਲੰਘ ਰਹੀ ਹੈ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਲਗਾਤਾਰ ਨਿਸ਼ਾਨੇ ’ਤੇ ਲੈ ਰਹੀਆਂ ਹਨ। ਅਜਿਹੇ ਸਮੇਂ ਵਿਚ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਕਿ ਕਿਸੇ ਵੀ ਵਿਵਾਦ ਤੋਂ ਬਚਿਆ ਜਾਵੇ ਅਤੇ ਕੌਮ ਦੇ ਵਡੇਰੇ ਹਿੱਤਾਂ ਲਈ ਕਾਰਜ ਕੀਤੇ ਜਾਣ।’’ ਉਨ੍ਹਾਂ ਦੋਸ਼ ਲਾਇਆ ਕਿ ਆਰਐੱਸਐੱਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਨ ਦੀ ਮਨਸ਼ਾ ਨਾਲ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਹਨ, ਜਿਸ ਦੀਆਂ ਮਿਸਾਲਾਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ਵਿਚ ਦਿੱਤਾ ਜਾ ਰਿਹਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਕੌਮ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਕਿਸੇ ਵੀ ਵਿਵਾਦ ਵਿਚ ਪੈਣਾ ਠੀਕ ਨਹੀਂ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕੀਤੀ ਕਿ ਕੋਈ ਵੀ ਆਗੂ ਅਜਿਹੀ ਬਿਆਨਬਾਜ਼ੀ ਨਾ ਕਰੇ ਜਿਸ ਨਾਲ ਸਿੱਖ ਸੰਸਥਾਵਾਂ ਅਤੇ ਕੌਮ ਦੇ ਸਨਮਾਨ ਨੂੰ ਠੇਸ ਪੁੱਜੇ।

Scroll to Top