ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 28 ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ ਨੂੰ ਸੱਦ ਲਿਆ ਹੈ। ਇਹ ਸਾਲਾਨਾ ਜਨਰਲ ਇਜਲਾਸ ਹਰ ਸਾਲ ਵਧੇਰੇ ਕਰਕੇ ਨਵੰਬਰ ਮਹੀਨੇ ਸੱਦਿਆ ਜਾਂਦਾ ਹੈ ਪਰ ਇਸ ਵਾਰ ਪਹਿਲਾਂ ਸੱਦ ਲਿਆ ਗਿਆ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ ਜਿਸ ਵਿੱਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਇਸ ਵੇਲੇ ਸ਼੍ਰੋਮਣੀ ਕਮੇਟੀ ਦੇ ਲਗਪਗ 150 ਤੋਂ ਵੱਧ ਮੈਂਬਰ ਹਨ, ਜੋ ਇਸ ਚੋਣ ਇਜਲਾਸ ਵਿੱਚ ਹਿੱਸਾ ਲੈਣਗੇ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਉਸ ਦੇ ਕੁੱਲ 185 ਮੈਂਬਰ ਹਨ, ਜਿਨ੍ਹਾਂ ’ਚੋਂ 170 ਆਮ ਗੁਰਦੁਆਰਾ ਚੋਣਾਂ ਰਾਹੀਂ ਚੁਣੇ ਹੋਏ ਹਨ ਅਤੇ 15 ਮੈਂਬਰ ਦੇਸ਼ ਭਰ ਵਿੱਚੋਂ ਵੱਖ-ਵੱਖ ਥਾਵਾਂ ਤੋਂ ਨਾਮਜ਼ਦ ਕੀਤੇ ਹਨ। ਪੰਜ ਤਖ਼ਤਾਂ ਦੇ ਜਥੇਦਾਰ ਵੀ ਇਸ ਹਾਊਸ ਦੇ ਮੈਂਬਰ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੁੰਦਾ ਹੈ। ਮਿਲੀ ਜਾਣਕਾਰੀ ਅਨੁਸਾਰ ਲਗਪਗ 25 ਤੋਂ ਵੱਧ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਹਾਊਸ ’ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਦਾ ਬਹੁਮਤ ਹੈ ਪਰ ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਕਸ਼ਮਕਸ਼ ਕਾਰਨ ਇਸ ਵਾਰ ਜਨਰਲ ਇਲਜਾਸ ਵੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ।

Scroll to Top