ਕਿਸਾਨਾਂ ਅਤੇ ਕਿਸਾਨ ਆਗੂਆਂ ਉੱਤੇ ਕੀਤੇ ਗਏ ਜ਼ਬਰ ਵਿਰੁੱਧ 6 ਮਈ ਨੂੰ ਸ਼ੰਭੂ ਥਾਣੇ ਦੇ ਘਿਰਾਓ ਕਰਨ ਦੇ ਕੀਤੇ ਐਲਾਨ ਤਹਿਤ ਪੰਜਾਬ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਕਿਸਾਨ ਆਗੂਆਂ ਨੂੰ ਨਜ਼ਰਬੰਦ ਜਾਂ ਗ੍ਰਿਫ਼ਤਾਰ ਕਰਨਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਵੱਲੋਂ ਸੋਮਵਾਰ ਤੜਕ ਸਵੇਰੇ ਹੀ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇ ਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਆਦਿ ਆਗੂ ਘਰਾਂ ਵਿੱਚ ਪੁਲਿਸ ਵੱਲੋਂ ਨਜ਼ਰਬੰਦ ਕੀਤੇ ਜਾ ਚੁੱਕੇ ਹਨ ਅਤੇ ਕੁਲਵਿੰਦਰ ਸਿੰਘ ਪੰਜੋਲਾ, ਹਰਦੇਵ ਸਿੰਘ ਚਿੱਟੀ, ਗੁਰਪ੍ਰੀਤ ਸਿੰਘ ਛੀਨਾ, ਸ਼ੇਰਾ ਅਠਵਾਲ ਤੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਵੱਖ ਵੱਖ ਥਾਣਿਆਂ ‘ਚ ਲਿਜਾਇਆ ਗਿਆ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਭਟੇੜੀ ਕਲਾਂ ਦੇ ਆਗੂਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਜਥੇਬੰਦੀ ਦੇ ਆਗੂਆਂ ਦੇ ਘਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਜਥੇਬੰਦੀਆਂ ਦੇ ਵ੍ਹਟਸਅਪ ਗਰੁੱਪਾਂ ਵਿੱਚ ਮੈਸਜ ਪਾ ਕੇ ਕਿਸਾਨ ਆਗੂਆਂ ਨੂੰ ਘਰਾਂ ਤੋਂ ਬਾਹਰ ਰਹਿਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਕੇਂਦਰੀ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਪੰਜਾਬ ਪੁਲਿਸ ਵੱਲੋਂ ਸ਼ੰਭੂ ਤੇ ਖਨੋਰੀ ‘ਤੇ ਚੱਲ ਰਹੇ ਧਰਨੇ ਨੂੰ ਜ਼ਬਰੀ ਚੁਕਵਾ ਕੇ ਰਸਤੇ ਖੋਲ੍ਹੇ ਗਏ ਸਨ,ਜਿਸ ਦੌਰਾਨ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਸੀ ਤੇ ਮੋਰਚਿਆਂ ਵਿਚੋਂ ਟਰਾਲੀਆਂ ਸਮੇਤ ਹੋਰ ਸਮਾਨ ਚੋਰੀ ਹੋਇਆ ਸੀ,ਜਿਸਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨਾਲ ਸਬੰਧਿਤ ਜਥੇਬੰਦੀਆਂ ਨੇ 6 ਮਈ ਨੂੰ ਸ਼ੰਭੂ ਥਾਣਾ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ।