ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਸਰਦਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਬੀਤੀ ਸ਼ਾਮ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਵਫ਼ਦ ਨੇ ਇਆਲੀ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਵਫ਼ਦ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਭੇਜਿਆ ਵਿਸ਼ੇਸ਼ ਸੁਨੇਹਾ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਇਆਲੀ ਦੇ ਲੰਬੇ ਸਿਆਸੀ ਸਫ਼ਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਥਕ ਵਿਚਾਰਧਾਰਾ ਨੂੰ ਬੁਲੰਦ ਰੱਖਣ ਲਈ ਵੱਡੇ ਯਤਨ ਕੀਤੇ ਹਨ। ਅੰਮ੍ਰਿਤਪਾਲ ਸਿੰਘ ਦੇ ਸੁਨੇਹੇ ਮੁਤਾਬਕ, ਇਆਲੀ ਨੇ ਆਪਣੇ ਵਿਸ਼ਾਲ ਸਿਆਸੀ ਤਜਰਬੇ ਅਤੇ ਧਾਰਮਿਕ ਦ੍ਰਿਸ਼ਟੀਕੋਣ ਸਦਕਾ ਲੋਕਾਂ ਵਿੱਚ ਇੱਕ ਅਟੁੱਟ ਵਿਸ਼ਵਾਸ ਕਾਇਮ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਆਖਿਆ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਸਾਰੀਆਂ ਪੰਥਕ ਅਤੇ ਧਾਰਮਿਕ ਸ਼ਕਤੀਆਂ ਦਾ ਇੱਕ ਮੰਚ ’ਤੇ ਇਕੱਠੇ ਹੋਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸੇ ਏਕੇ ਸਦਕਾ ਹੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ਤਰੱਕੀ ਦੀ ਰਾਹ ’ਤੇ ਲਿਜਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਇਆਲੀ ਪਹਿਲਾਂ ਵੀ ਪੰਥਕ ਸਰੋਕਾਰਾਂ ਕਾਰਨ ‘ਵਾਰਿਸ ਪੰਜਾਬ ਦੇ’ ਦੀ ਵਿਚਾਰਧਾਰਾ ਦਾ ਸਮਰਥਨ ਕਰਦੇ ਰਹੇ ਹਨ ਅਤੇ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਭਵਿੱਖ ਵਿੱਚ ਵੀ ਉਸੇ ਸਿਆਸੀ ਧਿਰ ਨਾਲ ਖੜ੍ਹਨਗੇ ਜੋ ਪੰਥਕ ਏਜੰਡੇ ਨੂੰ ਅੱਗੇ ਵਧਾਏਗੀ। ਇਆਲੀ ਪਹਿਲਾਂ ਹੀ ‘ਆਪ’, ਕਾਂਗਰਸ, ਭਾਜਪਾ ਅਤੇ ਅਕਾਲੀ ਦਲ (ਬਾਦਲ) ਵਰਗੀਆਂ ਮੁੱਖ ਧਾਰਾ ਦੀਆਂ ਪਾਰਟੀਆਂ ਨਾਲ ਜਾਣ ਤੋਂ ਸਾਫ਼ ਇਨਕਾਰ ਕਰ ਚੁੱਕੇ ਹਨ। ਆਉਂਦੇ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
