
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ’ ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਕਾਰਾ ਕੰਗਨਾ ਰਣੌਤ ਨੇ ਜਾਣ-ਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਿਆ ਹੈ ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰੇ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਐਮਰਜੈਂਸੀ ਫਿਲਮ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।