ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੱਜ ਕਿਹਾ ਕਿ ਬਾਹਰਲੇ ਮੁਲਕਾਂ ਅਤੇ ਭਾਰਤ ਵਿੱਚ ਸਾਜ਼ਿਸ਼ੀ ਢੰਗ ਨਾਲ ਕਤਲ ਕੀਤੇ ਜਾ ਰਹੇ ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾਵਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਉਹ ਇੱਥੇ ਸ਼ਹਾਦਤ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਮਾਤਾ ਗੁਜਰੀ, ਬਾਬਾ ਮੋਤੀ ਸਿੰਘ ਮਹਿਰਾ ਅਤੇ ਦੀਵਾਨ ਟੋਡਰਮੱਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੇ ਬਿਨਾਂ ਕਿਸੇ ਸਵਾਰਥ ਅਤੇ ਮਨੁੱਖਤਾ ਦੀ ਬਿਹਤਰੀ ਲਈ ਸ਼ਹਾਦਤਾਂ ਦੇ ਕੇ ਇਹ ਪ੍ਰਤੱਖ ਕਰ ਦਿੱਤਾ ਕਿ ਸਿੱਖ ਕੌਮ ਕਿਸੇ ਵੀ ਜਬਰ-ਜ਼ੁਲਮ ਜਾਂ ਬੇਇਨਸਾਫ਼ੀ ਵਿਰੁੱਧ ਆਪਣੀ ਈਨ ਨਹੀਂ ਮੰਨਦੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਮਾਂ ਬਹੁਤ ਨਾਜ਼ੁਕ ਹੈ ਤਾਂ ਸਮੁੱਚੀ ਸਿੱਖ ਕੌਮ ਨੂੰ ਆਪਣੀਆਂ ਇਨ੍ਹਾਂ ਛੋਟੀਆਂ ਜਿੰਦਾਂ ਦੇ ਮਹਾਨ ਸਾਕੇ ਤੋਂ ਅਗਵਾਈ ਤੇ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾਵਾਂ ਦਿਵਾਉਣ ਲਈ ਸਮੂਹਿਕ ਤੌਰ ’ਤੇ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿੱਚ 12 ਮਤੇ ਪਾਸ ਕੀਤੇ ਗਏ। ਕਾਨਫਰੰਸ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਚਰਨਜੀਤ ਕੌਰ (ਮਾਤਾ ਅਵਤਾਰ ਸਿੰਘ ਖੰਡਾ), ਹਰਪਾਲ ਸਿੰਘ ਚੀਮਾ, ਬਾਪੂ ਗੁਰਚਰਨ ਸਿੰਘ ਹਵਾਰਾ, ਸੁਆਮੀ ਜੀ, ਕਿਸਾਨ ਆਗੂ ਸਤਨਾਮ ਸਿੰਘ ਬਹਿਰੂ, ਮਾਸਟਰ ਕਰਨੈਲ ਸਿੰਘ ਨਾਰੀਕੇ, ਪ੍ਰੋ. ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਗੁਰਜੰਟ ਸਿੰਘ ਕੱਟੂ, ਪਰਮਿੰਦਰ ਸਿੰਘ ਬਾਲਿਆਂਵਾਲੀ ਆਦਿ ਨੇ ਸੰਬੋਧਨ ਕੀਤਾ।
