ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਨਿਖੇਧੀ

ਸਿੱਖ ਜਥੇਬੰਦੀਆਂ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਵਰਤਾਰੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮੁੜ ਤਖ਼ਤਾਂ ਨਾਲ ਸਿੱਧੀ ਟੱਕਰ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਜੇ ਸਿੱਖ ਸੰਸਥਾ ਦੀ ਪ੍ਰਧਾਨਗੀ ਅਤੇ ਭਰਤੀ ਕਮੇਟੀ ਦੇ ਅਹੁਦੇਦਾਰ ਰਹਿ ਕੇ ਪੰਥਕ ਜ਼ਿੰਮੇਵਾਰੀ ਨਿਭਾਉਂਦੇ ਤਾਂ ਅੱਜ ਇਹ ਸਥਿਤੀ ਨਾ ਬਣਦੀ। ਜਥੇਬੰਦੀ ਨਾਲ ਜੁੜੇ ਹੋਰ ਆਗੂ ਪਰਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਅਮਰਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਹਰਪ੍ਰੀਤ ਸਿੰਘ ਅਕਾਲ ਪੁਰਖ ਕੀ ਫ਼ੌਜ, ਡਾ. ਖੁਸ਼ਹਾਲ ਸਿੰਘ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਹੋਰਨਾਂ ਵੱਲੋਂ ਵੀ ਇਸ ਵਰਤਾਰੇ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ ਹੈ। ਸਿੱਖ ਜਥੇਬੰਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਨੇ ਅੱਜ ਦੀ ਇਸ ਕਾਰਵਾਈ ਨੂੰ ਬਾਦਲ ਦਲ ਵੱਲੋਂ ਅਕਾਲ ਤਖ਼ਤ ਦੀ ਸਰਵਉੱਚਤਾ ’ਤੇ ਹਮਲਾ ਕਰਾਰ ਦਿੱਤਾ ਹੈ। ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਆਗੂ ਮਨਜੀਤ ਸਿੰਘ ਭੋਮਾ ਅਤੇ ਟਕਸਾਲੀ ਆਗੂ ਭਾਈ ਮੋਹਕਮ ਸਿੰਘ ਨੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ, ਸਿੱਖ ਕੌਮ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਹੈ।

Scroll to Top