ਸਿੱਖ ਪੰਥ ਨੂੰ ਕਮਜ਼ੋਰ ਕਰ ਰਹੀਆਂ ਨੇ ਕੁਝ ਤਾਕਤਾਂ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸਿੱਖੀ ਭੇਸ ਵਿੱਚ ਕੁਝ ਲੋਕ ਸਿੱਖ ਪੰਥ ਨੂੰ ਕਮਜ਼ੋਰ ਕਰ ਰਹੇ ਹਨ ਅਤੇ ਦਿੱਲੀ ਦੀਆਂ ਪਾਰਟੀਆਂ ਤੇ ਕੇਂਦਰੀ ਏਜੰਸੀਆਂ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਕਬਜ਼ਿਆਂ ਦੀ ਕੋਸ਼ਿਸ਼ ’ਚ ਹਨ। ਸੁਖਬੀਰ ਸਿੰਘ ਬਾਦਲ ਅੱਜ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਵੱਲੋਂ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੇ ਇਤਿਹਾਸ ਤੋਂ ਅਗਵਾਈ ਲੈ ਕੇ ਸ਼੍ੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਤਾਂ ਜੋ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਦੇ ਰਾਹ ’ਤੇ ਤੋਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਨੂੰ ਕਮਜ਼ੋਰ ਕਰ ਕੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਈ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਹੈ ਜਿਸ ਕਾਰਨ ਪੰਥਕ ਸੋਚ ਵਾਲੇ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਤਾਕਤਾਂ ਪੰਥ ਨੂੰ ਕਮਜ਼ੋਰ ਕਰ ਰਹੀਆਂ ਹਨ ਉਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਸਿਰ ਕਈ ਲੱਖ ਕਰੋੜ ਦਾ ਕਰਜ਼ਾ ਚੜ੍ਹ ਗਿਆ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਮਾੜੀ ਹੋ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਦੋਵੇਂ ਹੱਥੀਂ ਲੁੱਟ ਰਹੇ ਹਨ ਜਦੋਂ ਕਿ ਭਗਵੰਤ ਮਾਨ ਉਨ੍ਹਾਂ ਦੇ ਕਰਿੰਦੇ ਵਜੋਂ ਕੰਮ ਕਰ ਰਹੇ ਹਨ। ਸੁਖਬੀਰ ਬਾਦਲ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਵੱਲੋਂ 10 ਸਾਲਾਂ ਦੌਰਾਨ ਕੀਤੇ ਕੰਮਾਂ ਅਤੇ ‘ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਪੰਜਾਬ ਦੀ ਬਰਬਾਦੀ ਦਾ ਲੇਖਾ-ਜੋਖਾ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇ। ਇਸ ਦੌਰਾਨ ਸਾਬਕਾ ਮੰਤਰੀ ਅਤੇ ਬੀ ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸੁਖਬੀਰ ਸਿੰਘ ਬਾਦਲ ਦਾ ਸਨਮਾਨ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਕੌਂਸਲਰ ਰੱਖਵਿੰਦਰ ਸਿੰਘ ਗਾਬੜੀਆ, ਹਲਕਾ ਦੱਖਣੀ ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਆਦਿ ਹਾਜ਼ਰ ਸਨ।

Scroll to Top