ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨ ’ਚ ਨਿੱਘਾ ਸਵਾਗਤ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿੱਚ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਲਗਪਗ 346 ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ ਹੈ, ਜਿਨ੍ਹਾਂ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ ਐੱਸ ਜੀ ਪੀ ਸੀ) ਦੇ ਅਹੁਦੇਦਾਰਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਜਥੇ ਨੂੰ ਸਿੱਖ ਸੰਸਥਾ ਦੇ ਦਫਤਰ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਨੂੰ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ ਐੱਸ ਡੀ ਸਤਬੀਰ ਸਿੰਘ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਣੇ ਹੋਰਾਂ ਨੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ 302 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ, ਉਨ੍ਹਾਂ ਸਬੰਧੀ ਆਗਿਆ ਤੇ ਪ੍ਰਵਾਨਗੀ ਦਸਤਾਵੇਜ਼ ਸਮੇਂ ਸਿਰ ਬਾਰਡਰ ’ਤੇ ਪਹੁੰਚਾਏ ਜਾਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ’ਚ ਸ਼ਾਮਲ ਸ਼ਰਧਾਲੂ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਸ੍ਰੀ ਰੋੜੀ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਦਿ ਗੁਰ-ਅਸਥਾਨਾਂ ਦੇ ਦਰਸ਼ਨ-ਦੀਦਾਰ ਕਰਨਗੇ। ਉਨ੍ਹਾਂ ਕਿਹਾ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਉਪਰੰਤ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ। ਮਿਲੀ ਜਾਣਕਾਰੀ ਦੇ ਮੁਤਾਬਕ ਪਾਕਿਸਤਾਨ ਦੂਤਾਵਾਸ ਵੱਲੋਂ ਇਸ ਵਾਰ 400 ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਸਨ। ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਹਰਿਆਣਾ ਕਮੇਟੀ, ਉੱਤਰਾਖੰਡ ਅਤੇ ਹੋਰ ਰਾਜਾਂ ਦੇ ਸਿੱਖ ਸ਼ਰਧਾਲੂ ਸ਼ਾਮਲ ਸਨ। ਪਰ ਅੱਜ ਅਟਾਰੀ ਸਰਹੱਦ ਰਸਤੇ ਸਿਰਫ਼ 346 ਸ਼ਰਧਾਲੂ ਹੀ ਪਾਕਿਸਤਾਨ ਗਏ ਹਨ। ਕੁੱਝ ਸ਼ਰਧਾਲੂਆਂ ਨੂੰ ਪਹਿਲਾਂ ਵਾਂਗ ਹੀ ਇਸ ਵਾਰ ਵੀ ਪ੍ਰਵਾਨਗੀ ਨਾ ਹੋਣ ਕਾਰਨ ਸਰਹੱਦ ਤੋਂ ਵਾਪਸ ਭੇਜ ਦਿੱਤਾ ਗਿਆ ਹੈ। ਅਜਿਹੇ ਸ਼ਰਧਾਲੂਆਂ ਦੀ ਗਿਣਤੀ ਲਗਪਗ 38 ਦੱਸੀ ਗਈ ਹੈ, ਜਿਨ੍ਹਾਂ ਵਿੱਚ ਹਰਿਆਣਾ ਅਤੇ ਉੱਤਰਾਖੰਡ ਸਮੇਤ ਹੋਰ ਰਾਜਾਂ ਦੇ ਸ਼ਰਧਾਲੂ ਸ਼ਾਮਲ ਹਨ। ਇਸ ਦੌਰਾਨ ਸਰਹੱਦ ਪਾਰ ਪਾਕਿਸਤਾਨ ਵਾਲੇ ਪਾਸੇ ਵਾਹਗਾ ਸਰਹੱਦ ’ਤੇ ਪੀ ਐੱਸ ਜੀ ਪੀ ਸੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਹੋਰ ਪਾਕਿਸਤਾਨੀ ਸਿੱਖ ਆਗੂਆਂ ਸਮੇਤ ਉਕਾਫ਼ ਬੋਰਡ ਦੇ ਅਧਿਕਾਰੀ ਸਵਾਗਤ ਲਈ ਪੁੱਜੇ ਹੋਏ ਸਨ।

Scroll to Top