ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਸ਼ਾਮ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਵਿਚਕਾਰ ਅਹਿਮ ਮੀਟਿੰਗ ਹੋਈ। ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿਰੁੱਧ ਇਤਰਾਜ਼ ਪ੍ਰਗਟ ਕੀਤੇ ਗਏ। ਦੋਵਾਂ ਸ਼ਖ਼ਸੀਅਤਾਂ ਨੇ ਇਸ ਕਾਨੂੰਨ ਨੂੰ ਸਿੱਖ ਸੰਸਥਾਵਾਂ ਦੇ ਅਧਿਕਾਰ ਖੇਤਰ ਵਿੱਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ। ਜਸਟਿਸ ਸੋਢੀ ਨੇ ਸਵਾਲ ਉਠਾਇਆ ਕਿ ਸਰਕਾਰ ਸਿੱਖਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਿਕ ਰਿਸ਼ਤੇ ਵਿੱਚ ਕਾਨੂੰਨੀ ਦਖ਼ਲ ਕਿਉਂ ਦੇ ਰਹੀ ਹੈ? ਉਨ੍ਹਾਂ ਕਿਹਾ ਕਿ ਸਰਕਾਰ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਦਾਖ਼ਲ ਹੋ ਰਹੀ ਹੈ, ਜੋ ਕਿ ਕਿਸੇ ਵੀ ਸ਼ਰਧਾਲੂ ਸਿੱਖ ਨੂੰ ਮਨਜ਼ੂਰ ਨਹੀਂ ਹੋਵੇਗਾ। ਜਥੇਦਾਰ ਗੜਗੱਜ ਨੇ ਜਸਟਿਸ ਸੋਢੀ ਵੱਲੋਂ ਲਿਖੇ ਗਏ ਲੇਖਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਸਿੱਖਾਂ ਨੂੰ ਇਸ ਕਾਨੂੰਨ ਦੇ ਖ਼ਤਰਨਾਕ ਪਹਿਲੂਆਂ ਬਾਰੇ ਸਮਝਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
