ਸੋਸ਼ਲ ਮੀਡੀਆ ’ਤੇ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੀ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਬੇਹੱਦ ਇਤਰਾਜ਼ਯੋਗ ਵੀਡੀਓ ਮੁੜ ਵਾਇਰਲ ਹੋਣ ਨਾਲ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਗੈਰ-ਸਿੱਖ ਵਿਅਕਤੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਬੂਟ ਪਾ ਕੇ ਘੁੰਮਦੇ ਦਿਖਾਇਆ ਗਿਆ ਹੈ, ਜਿਸ ਤੋਂ ਬਾਅਦ ਇੱਕ ਕਾਲੇ ਰੰਗ ਦੀ SUV ਕਾਰ ਪਰਿਕਰਮਾ ਵਿੱਚ ਆਉਂਦੀ ਹੈ ਅਤੇ ਉਹ ਵਿਅਕਤੀ ਉਸ ਵਿੱਚ ਬੈਠ ਕੇ ਬਾਹਰ ਚਲਾ ਜਾਂਦਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਗਈ ਹੈ। ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਵੀਡੀਓ ਪੂਰੀ ਤਰ੍ਹਾਂ ਨਾਲ AI ਦੀ ਵਰਤੋਂ ਕਰਕੇ ਬਣਾਈ ਗਈ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਹਾਲਾਂਕਿ ਸ਼੍ਰੋਮਣੀ ਕਮੇਟੀ ਦੀ ਸਖ਼ਤੀ ਤੋਂ ਬਾਅਦ ਸਬੰਧਤ ਵਿਅਕਤੀ ਨੇ ਪਹਿਲਾਂ ਆਪਣੇ ਪੇਜ ਤੋਂ ਇਹ ਵੀਡੀਓ ਹਟਾ ਦਿੱਤੀ ਸੀ ਪਰ ਹੁਣ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਨੂੰ ਮੁੜ ਵਾਇਰਲ ਕੀਤਾ ਜਾ ਰਿਹਾ ਹੈ। ਪੁਲੀਸ ਨੇ ਸੰਗਤ ਅਤੇ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਅਜਿਹੀਆਂ ਵੀਡੀਓਜ਼ ਨੂੰ ਅੱਗੇ ਸ਼ੇਅਰ ਨਾ ਕਰਨ ਕਿਉਂਕਿ ਇਸ ਨਾਲ ਅਮਨ-ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਤਰ੍ਹਾਂ ਦੇ AI ਮਾਮਲਿਆਂ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਾਹਿਰਾਂ ਦੀ ਇੱਕ ਵਿਸ਼ੇਸ਼ ਕਮੇਟੀ ਬਣਾਈ ਹੈ। ਕਮੇਟੀ ਨੇ ਕਈ ਅਹਿਮ ਸਿਫ਼ਾਰਸ਼ਾਂ ਤਿਆਰ ਕੀਤੀਆਂ ਹਨ ਜੋ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜੀਆਂ ਗਈਆਂ ਹਨ। ਉਮੀਦ ਹੈ ਕਿ 19 ਫਰਵਰੀ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਮੁੱਦੇ 6ਤੇ ਕੋਈ ਵੱਡਾ ਫੈਸਲਾ ਲਿਆ ਜਾਵੇਗਾ। ਐਸਜੀਪੀਸੀ ਨੇ ਆਪਣੇ ਅਧਿਕਾਰਤ ਖਾਤਿਆਂ ਰਾਹੀਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਵੀਡੀਓਜ਼ ’ਤੇ ਨਾ ਤਾਂ ਕੋਈ ਟਿੱਪਣੀ ਕਰਨ ਅਤੇ ਨਾ ਹੀ ਇਨ੍ਹਾਂ ਨੂੰ ਅੱਗੇ ਵਧਾਉਣ, ਸਗੋਂ ਜ਼ਿੰਮੇਵਾਰੀ ਦਿਖਾਉਣ।
