ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਸੌਂਪੇ। ਇਨ੍ਹਾਂ ਧਰਨਿਆਂ ਦੀ ਅਗਵਾਈ ਮੋਰਚੇ ਦੇ ਸੀਨੀਅਰ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨਪਾਲ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ, ਬਲਦੇਵ ਸਿੰਘ ਨਿਹਾਲਗੜ੍ਹ, ਡਾ. ਸਤਨਾਮ ਸਿੰਘ ਅਜਨਾਲਾ, ਕੰਵਲਪ੍ਰੀਤ ਸਿੰਘ ਪੰਨੂ, ਜੰਗਵੀਰ ਸਿੰਘ ਚੌਹਾਨ, ਪ੍ਰੇਮ ਸਿੰਘ ਭੰਗੂ ਅਤੇ ਮੇਜਰ ਸਿੰਘ ਭਿੱਖੀਵਿੰਡ ਨੇ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਭਾਅ ਵਿੱਚ ਕੀਤਾ ਵਾਧਾ ਨਿਗੂਣਾ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਲਈ ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ’ਤੇ ਖ਼ਰੀਦ ਦੀ ਗਾਰੰਟੀ ਦੇਣ ਵਾਲਾ ਕਾਨੂੰਨ ਤੁਰੰਤ ਬਣਾਇਆ ਜਾਵੇ ਅਤੇ ਯੂਰੀਆ ਤੇ ਹੋਰ ਖਾਦਾਂ ਦੀ ਕਾਲਾਬਾਜ਼ਾਰੀ ਰੋਕੀ ਜਾਵੇ। ਮੋਰਚੇ ਦੇ ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਕਾਨੂੰਨੀ ਗਾਰੰਟੀ ਨਾ ਹੋਣ ਕਾਰਨ ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਅਤੇ 58 ਸਾਲ ਦੀ ਉਮਰ ਪੂਰੀ ਕਰ ਚੁੱਕੇ ਕਿਸਾਨਾਂ-ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਐੱਸ ਕੇ ਐੱਮ ਨੇ ਸੂਬੇ ਵਿੱਚ ਯੂਰੀਆ ਅਤੇ ਹੋਰ ਲੋੜੀਂਦੀਆਂ ਖਾਦਾਂ ਦੀ ਸਪਲਾਈ ਬਿਨਾਂ ਕਿਸੇ ਦੇਰੀ ਦੇ ਯਕੀਨੀ ਬਣਾਉਣ ਅਤੇ ਖਾਦਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਬਿੰਦਰ ਸਿੰਘ ਗੋਲੇਵਾਲਾ, ਬਲਵਿੰਦਰ ਸਿੰਘ ਮੱਲੀ ਨੰਗਲ, ਫਰਮਾਨ ਸਿੰਘ ਸੰਧੂ, ਵੀਰ ਸਿੰਘ, ਹਰਭਜਨ ਸਿੰਘ ਬੁੱਟਰ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਰਾਜੂ, ਮਲੂਕ ਸਿੰਘ ਹੀਰਕੇ, ਸੁਖਦੇਵ ਸਿੰਘ ਅਰਾਈਆਂਵਾਲਾ, ਨਛੱਤਰ ਸਿੰਘ ਜੈਤੋ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਕਿਰਨਜੀਤ ਸਿੰਘ ਸੇਖੋਂ ਅਤੇ ਹਰਮੀਤ ਸਿੰਘ ਕਾਦੀਆਂ ਨੇ ਵੀ ਸੰਬੋਧਨ ਕੀਤਾ।
