ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਨੇੜੇ ਇੱਕ ਵਾਰ ਮੁੜ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਹੈ ਜਦੋਂ ਦੋ ਦਿਨ ਬਾਅਦ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਵਿਅਕਤੀ ਦੱਸਿਆ ਜਾ ਰਿਹਾ ਹੈ।