84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਇਨਸਾਫ਼ੀ ਨਹੀਂ- ਐਡਵੋਕੇਟ ਧਾਮੀ

ਦਿੱਲੀ 1984 ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਅਦਾਲਤ ਵੱਲੋਂ ਬਰੀ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਸ ਜਤਾਇਆ ਹੈ। ਉਨ੍ਹਾਂ ਮੁਤਾਬਕ ਸੱਜਣ ਕੁਮਾਰ ਨੂੰ ਬਰੀ ਕਰਨਾ 41 ਸਾਲਾਂ ਤੋਂ ਇਨਸਾਫ਼ ਦੀ ਉਡੀਕ ’ਚ ਬੈਠੇ ਪੀੜਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਡੂੰਘੀ ਮਾਨਸਿਕ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰਕਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਬੇਰਹਿਮੀ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਨ। ਇੰਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ਵਿਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ।

Scroll to Top