ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਦਾਕਾਰਾ ਅਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਫਿਲਮ ‘ਐਮਰਜੈਂਸੀ’ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੰਗਨਾ ਜਾਣ-ਬੁੱਝ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭੜਕਾ ਰਹੀ ਹੈ ਤਾਂ ਜੋ ਦੇਸ਼ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਕੰਗਨਾ ਦੀ ਪੂਰੀ ਮਦਦ ਕਰ ਰਹੀ ਹੈ। ਸੁਖਬੀਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਜਾਣ-ਬੁੱਝ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਚੁੱਕੀ ਹੈ। ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿੱਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਵਿਧਾਨ ਸਭਾ ਸੈਸ਼ਨ ਵਧਾਉਣ ਦੀ ਮੰਗ ਕੀਤੀ ਤਾਂ ਜੋ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਸਕਣ। ਉਨ੍ਹਾਂ ਪੱਛਮੀ ਬੰਗਾਲ ਵਿੱਚ ਮੈਡੀਕਲ ਵਿਦਿਆਰਥਣ ਨਾਲ ਜਬਰ-ਜਨਾਹ ਮਗਰੋਂ ਉਸ ਦਾ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਦੀ ਮੰਗ ਕੀਤੀ। ਸੁਖਬੀਰ ਨੇ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਕੋਈ ਨਵਾਂ ਨਿਵੇਸ਼ ਵੀ ਨਹੀਂ ਆ ਰਿਹਾ ਤੇ ਘਰੇਲੂ ਉਦਮੀਆਂ ਨੇ ਪਿਛਲੇ ਸਮੇਂ ਦੌਰਾਨ 22 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਗੁਆਂਢੀ ਰਾਜਾਂ ਵਿੱਚ ਕਰ ਦਿੱਤਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਗ਼ੀ ਅਕਾਲੀ ਨਾਗਪੁਰ ਤੋਂ ਆਰਐੱਸਐੱਸ ਅਤੇ ਦਿੱਲੀ ਤੋਂ ਭਾਜਪਾ ਹਾਈ ਕਮਾਨ ਤੋਂ ਹੁਕਮ ਲੈ ਰਹੇ ਹਨ, ਜਿਸ ਦਾ ਇਕਲੌਤਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਬਾਗ਼ੀਆਂ ਨੂੰ ਪੰਜਾਬ ਵਿੱਚ ਕੋਈ ਦੇਖ ਕੇ ਰਾਜ਼ੀ ਨਹੀਂ ਹੈ। ਸੁਖਬੀਰ ਬਾਦਲ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਸੇਧਦਿਆਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਉਨ੍ਹਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵਿਰੋਧ ਕੀਤਾ। ਇਸ ਮੌਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਹੋਰ ਮੌਜੂਦ ਸਨ।

Scroll to Top