ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਇੱਥੇ ਹਰਿਮੰਦਰ ਸਾਹਿਬ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨੇ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਸਮਾਗਮ ਮੌਕੇ ਪਹਿਲਾਂ ਸਵੇਰੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਸਿੱਖ ਪ੍ਰੰਪਰਾ ਅਨੁਸਾਰ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਗੁਰੂ ਅਰਜਨ ਦੇਵ ਨੇ ਆਪਣੇ ਹੱਥੀਂ 1604 ਵਿਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿਖੇ ਕੀਤਾ। ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਸੇਵਾ ਸੰਭਾਲ ਲਈ ਪਹਿਲੇ ਗ੍ਰੰਥੀ ਥਾਪਿਆ, ਜਿਸ ਨਾਲ ਗ੍ਰੰਥੀ ਪ੍ਰਰੰਪਰਾ ਦੀ ਆਰੰਭਤਾ ਹੋਈ। ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਨਗਰ ਕੀਰਤਨ ਮੌਕੇ ਸਿੱਖ ਨੌਜਵਾਨਾਂ ਵੱਲੋਂ ਗਤਕਾ ਪ੍ਰਦਰਸ਼ਨ ਕੀਤਾ ਗਿਆ ਅਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਲੰਗਰ ਵੀ ਲਗਾਏ ਗਏ। ਇਸ ਸਬੰਧ ਵਿੱਚ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। ਦਰਬਾਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਰਾਤ ਨੂੰ ਦੀਪਮਾਲਾ ਹੋਈ ਅਤੇ ਆਤਿਸ਼ਬਾਜ਼ੀ ਚਲਾਈ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।

3 thoughts on “ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ”

  1. Pingback: igraaviatorpinapkz.com.kz

  2. Pingback: ร้านต่อผม

  3. Pingback: пинап зарегистрироваться

Comments are closed.

Scroll to Top