ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਵਧ ਰਹੀਆਂ ਲੁੱਟਾਂ-ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਦੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਭਾਰਿਆ ਅਤੇ ਸੂਬੇ ਭਰ ਵਿੱਚ ਪੁਲੀਸ ਅਧਿਕਾਰੀਆਂ ਨੂੰ ਅਜਿਹੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਮੰਗ ਪੱਤਰ ਸੌਂਪੇ ਗਏ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁਹਾਲੀ ਵਿੱਚ ਕੀਤੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਹੋਰਨਾਂ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਵੀ ਵੱਖ-ਵੱਖ ਥਾਈਂ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਗਈ। ਸ੍ਰੀ ਵੜਿੰਗ ਨੇ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹਿੰਸਕ ਅਪਰਾਧਾਂ ਅਤੇ ਕਾਨੂੰਨ ਵਿਵਸਥਾ ਦੇ ਢਹਿ ਜਾਣ ਦੀਆਂ ਰੋਜ਼ਾਨਾ ਰਿਪੋਰਟਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ਤੇ ਮੁੱਖ ਮੰਤਰੀ-ਕਮ-ਗ੍ਰਹਿ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਧ ਰਹੇ ਗੈਂਗਵਾਦ, ਬੰਦੂਕ, ਅਪਰਾਧ, ਜਬਰੀ ਵਸੂਲੀ ਦੀਆਂ ਕਾਲਾਂ ਅਤੇ ਹੋਰ ਛੋਟੇ-ਮੋਟੇ ਅਪਰਾਧਾਂ ਨੇ ਪੰਜਾਬ ਭਾਈਚਾਰੇ ਵਿੱਚ ਡਰ ਤੇ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਦੇ ਹਰ ਪਿੰਡ ਅਤੇ ਕਸਬੇ ਦੇ ਲੋਕ, ਖਾਸ ਕਰਕੇ ਔਰਤਾਂ, ਲੁੱਟਾਂ-ਖੋਹਾਂ ਅਤੇ ਡਕੈਤੀਆਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੀਆਂ ਹਨ। ਸ੍ਰੀ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ।