ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਅਕਾਲੀ ਆਗੂ ਵਲਟੋਹਾ ਵੱਲੋਂ ਉਨ੍ਹਾਂ ਸਣੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਵੀਡੀਓ ਸੁਨੇਹਾ ਵੀ ਜਾਰੀ ਕਰਦਿਆਂ ਅਸਤੀਫਾ ਦੇਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ, ‘ਅਕਾਲੀ ਆਗੂ ਵੱਲੋਂ ਮੈਨੂੰ ਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਅਤੇ ਅਜਿਹੀ ਸਥਿਤੀ ਵਿੱਚ ਮੈਂ ਬਤੌਰ ਜਥੇਦਾਰ ਤਖ਼ਤ ਦੀ ਸੇਵਾ ਨੂੰ ਜਾਰੀ ਨਹੀਂ ਰੱਖ ਸਕਦਾ। ਮੈਂ ਜਥੇਦਾਰ ਵਜੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤਾ ਹੈ।’ ਵੀਡੀਓ ਸੁਨੇਹੇ ’ਚ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਮੰਗਲਵਾਰ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘ਮੇਰੇ ਪਰਿਵਾਰ ਬਾਰੇ ਵੀ ਮਾੜੇ ਸ਼ਬਦ ਵਰਤੇ ਜਾ ਰਹੇ ਹਨ। ਦੁੱਖ ਦੀ ਗੱਲ ਹੈ ਕਿ ਇਸ ਦੀ ਪੁਸ਼ਤ ਪਨਾਹੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਕਰ ਰਿਹਾ ਹੈ ਤੇ ਸ਼੍ਰੋਮਣੀ ਕਮੇਟੀ ਵੀ ਇਸ ਮਾਮਲੇ ’ਚ ਖਾਮੋਸ਼ ਹੈ। ਅਜਿਹੀ ਸਥਿਤੀ ਵਿੱਚ ਮੈਂ ਜਥੇਦਾਰ ਵਜੋਂ ਸੇਵਾ ਜਾਰੀ ਨਹੀਂ ਰੱਖ ਸਕਦਾ। ਮੈਂ ਸਿਰਫ ਤਖਤ ਦਾ ਜਥੇਦਾਰ ਨਹੀਂ, ਸਗੋਂ ਧੀਆਂ ਦਾ ਪਿਤਾ ਵੀ ਹਾਂ। ਹੁਣ ਜਾਤ ਤੱਕ ਪਰਖੀ ਜਾ ਰਹੀ ਅਤੇ ਗਲਤ ਕਿਸਮ ਦੇ ਸੁਨੇਹੇ ਭੇਜੇ ਜਾ ਰਹੇ ਹਨ। ਨਿੱਜਤਾ ਦੀ ਹੱਦ ਟੱਪੀ ਜਾ ਰਹੀ ਹੈ।’ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਯੋਗ ਲਈ ਸਿੱਖ ਸੰਸਥਾਵਾਂ, ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਸਿੱਖ ਕੌਮ ਵੱਲੋਂ ਦਿੱਤੀ ਹੋਈ ਦਸਤਾਰ ਨੂੰ ਬੇਦਾਗ ਆਪਣੇ ਘਰ ਲੈ ਕੇ ਜਾ ਰਹੇ ਹਨ।
