ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਾਦੀਆਂ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸ੍ਰੀ ਬਾਜਵਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਵਾਗਡੋਰ ਅਨਾੜੀ ਆਗੂਆਂ ਦੇ ਹੱਥ ਵਿੱਚ ਹੋਣ ਕਾਰਨ ਕਿਸਾਨਾਂ ਨੂੰ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੀ ਤਿਆਰੀ ਘੱਟੋ ਘੱਟ ਤਿੰਨ ਮਹੀਨੇ ਪਹਿਲਾਂ ਅਗਾਊਂ ਹੀ ਕਰਨ ਦੀ ਲੋੜ ਸੀ। ਇਹ ਤਿਆਰੀ ਨਾ ਹੋਣ ਕਾਰਨ ਖ਼ਰੀਦ ਏਜੰਸੀਆਂ ਅਤੇ ਸ਼ੈਲਰਾਂ ਦੇ ਗੁਦਾਮ ਪਹਿਲਾਂ ਹੀ ਨੱਕੋਂ ਨੱਕ ਭਰੇ ਪਏ ਹਨ। ਇਸ ਕਾਰਨ ਝੋਨੇ ਦੀ ਖ਼ਰੀਦ ਅਤੇ ਢੋਆ ਢੁਆਈ ਵਿੱਚ ਵੱਡੀਆਂ ਸਮੱਸਿਆਵਾਂ ਖੜ੍ਹੀਆਂ ਹੋਣ ਕਾਰਨ ਕਿਸਾਨਾਂ ਸਣੇ ਆੜ੍ਹਤੀ ਵਰਗ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਕਾਰਨ ਕੁੱਝ ਕਿਸਾਨ ਮੰਡੀਆਂ ਵਿੱਚ ਪਿਛਲੇ 15-15 ਦਿਨ ਤੋਂ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਪ੍ਰਸ਼ਾਸਨਿਕ ਦਬਾਅ ਨਾ ਵਰਤੇ ਜਾਣ ਕਾਰਨ ਕਿਸਾਨਾਂ ਨੂੰ 200 ਤੋਂ 300 ਰੁਪਏ ਪ੍ਰਤੀ ਕੁਇੰਟਲ ਤੱਕ ਕੱਟ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫੂਡ ਐਂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੂੰ ਕਈ ਵਾਰ ਉਨ੍ਹਾਂ ਵੱਲੋਂ ਰਾਬਤਾ ਕਰਨ ਲਈ ਫੋਨ ਕੀਤਾ ਗਿਆ ਪਰ ਉਨ੍ਹਾਂ ਇਸ ਸਬੰਧੀ ਫੋਨ ਚੁੱਕਣਾ ਹੀ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਮੰਡੀਆਂ ਵਿੱਚ ਅਜਿਹਾ ਵਾਪਰ ਰਿਹਾ ਹੈ।