ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਇੱਥੇ ਸ਼ਾਮ ਵੇਲੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਅਤੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੂੰ ਕਰਨ ਦੀ ਛੋਟ ਦੇਣ ਦੀ ਅਪੀਲ ਕੀਤੀ। ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਅਕਾਲੀ ਦਲ ਦਾ ਵਫ਼ਦ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਿਆ। ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਮੂਹ ਵਰਕਰ ਅਤੇ ਸਮੁੱਚੀ ਕੋਰ ਕਮੇਟੀ ਚਾਹੁੰਦੀ ਹੈ ਕਿ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਕਰਨ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਕਿਹਾ ਕਿ ਇਹ ਮਾਮਲਾ ਸਿੰਘ ਸਾਹਿਬਾਨ ਨਾਲ ਵਿਚਾਰਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿ ਇਸ ਸਬੰਧੀ 25 ਅਕਤੂਬਰ ਤੱਕ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਪਾਰਲੀਮੈਂਟ ਬੋਰਡ ਭਲਕੇ ਇਸ ਸਬੰਧੀ ਵਿਚਾਰ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀਅਕਾਲੀ ਦਲ ਰਾਜਸੀ ਚੋਣ ਲੜਨਾ ਚਾਹੁੰਦਾ ਹੈ ਅਤੇ ਉਸ ਲਈ ਵੀ ਅਕਾਲ ਤਖ਼ਤ ਤੋਂ ਪ੍ਰਵਾਨਗੀ ਲੈਣ ਲਈ ਪੁੱਜਿਆ ਹੈ, ਪਰ ਬੀਬੀ ਜਗੀਰ ਕੌਰ ਨੇ ਧਾਰਮਿਕ ਜਥੇਬੰਦੀ ਲਈ ਚੋਣ ਲੜਨੀ ਹੈ, ਉਨ੍ਹਾਂ ਇਸ ਸਬੰਧੀ ਕੋਈ ਅਗਾਊਂ ਪ੍ਰਵਾਨਗੀ ਨਹੀਂ ਲਈ। ਜਦਕਿ ਇਸ ਵੇਲੇ ਬਤੌਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵਜੋਂ ਉਨ੍ਹਾਂ ਦਾ ਮਾਮਲਾ ਵੀ ਅਕਾਲ ਤਖ਼ਤ ’ਤੇ ਵਿਚਾਰ ਅਧੀਨ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਡਰਾ ਧਮਕਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਇਸੇ ਤਰੀਕੇ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਡਰਾਉਣ ਧਮਕਾਉਣ ਦਾ ਯਤਨ ਹੋ ਚੁੱਕਿਆ ਹੈ। ਵਫ਼ਦ ਵਿੱਚ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ , ਇਕਬਾਲ ਸਿੰਘ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ।