ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ਵਿੱਚ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੇ ਵਿਰੋਧ ਵਿੱਚ ਖੜ੍ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਚੋਣ ਹਾਰ ਗਏ ਹਨ। ਐਡਵੋਕੇਟ ਧਾਮੀ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਤੋਂ ਇਲਾਵਾ 11 ਮੈਂਬਰ ਅੰਤਰਿੰਗ ਕਮੇਟੀ ਵਾਸਤੇ ਚੁਣੇ ਗਏ ਹਨ। ਸਾਲਾਨਾ ਜਨਰਲ ਇਜਲਾਸ ਦੌਰਾਨ ਕੁੱਲ 142 ਮੈਂਬਰਾਂ ਨੇ ਵੋਟ ਪਾਈ, ਜਿਨ੍ਹਾਂ ’ਚੋਂ ਐਡਵੋਕੇਟ ਧਾਮੀ ਨੂੰ 107 ਵੋਟਾਂ ਅਤੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲੀਆਂ। 2 ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਸ ਚੋਣ ਵਿੱਚ ਬੀਬੀ ਜਗੀਰ ਕੌਰ 74 ਵੋਟਾਂ ਨਾਲ ਹਾਰੇ ਹਨ। ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਏ ਇਜਲਾਸ ਦੌਰਾਨ ਅਰਦਾਸ ਤੋਂ ਬਾਅਦ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਵਿਰੋਧੀ ਧਿਰ ਵੱਲੋਂ ਕਿਸੇ ਹੋਰ ਅਹੁਦੇ ਲਈ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ, ਜਿਸ ਕਾਰਨ ਬਾਕੀ ਸਾਰੇ ਅਹੁਦੇਦਾਰ ਬਿਨਾਂ ਵਿਰੋਧ ਚੁਣੇ ਗਏ ਹਨ। ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਹੋਰ ਗ੍ਰੰਥੀ ਸਾਹਿਬਾਨ ਪੰਜ ਸਿੰਘ ਸਾਹਿਬਾਨ ਵਜੋਂ ਹਾਜ਼ਰ ਸਨ ਪਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਗੈਰ ਹਾਜ਼ਰ ਰਹੇ। ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ ਸ਼ਾਮਲ ਹਨ। ਇਸ ਦੇ ਨਾਲ ਹੀ 3 ਸਾਲ ਬਾਅਦ ਆਨਰੇਰੀ ਮੁੱਖ ਸਕੱਤਰ ਵਜੋਂ ਕੁਲਵੰਤ ਸਿੰਘ. ਮੰਨਣ ਨੂੰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ’ਚ ਤਖਤਾਂ ਦੇ ਜਥੇਦਾਰਾਂ ਤੋਂ ਇਲਾਵਾ ਕੁੱਲ 185 ਮੈਂਬਰ ਹਨ ਜਿਨ੍ਹਾਂ ’ਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਤੇ 15 ਮੈਂਬਰ ਵੱਖ-ਵੱਖ ਸੂਬਿਆਂ ਤੋਂ ਨਾਮਜ਼ਦ ਕੀਤੇ ਹੋਏ ਹਨ। ਇਨ੍ਹਾਂ ਮੈਂਬਰਾਂ ਵਿੱਚੋਂ 31 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਚਾਰ ਮੈਂਬਰ ਅਸਤੀਫਾ ਦੇ ਚੁੱਕੇ ਹਨ ਅਤੇ ਦੋ ਮੈਂਬਰਾਂ ਨੂੰ ਅਯੋਗ ਕਰਾਰ ਦਿੱਤਾ ਹੋਇਆ ਹੈ। ਇਸ ਵੇਲੇ ਮੌਜੂਦਾ ਹਾਊਸ ’ਚ ਕੁੱਲ 148 ਮੈਂਬਰ ਹਨ ਜਿਨ੍ਹਾਂ ਵਿੱਚੋਂ ਅੱਜ 142 ਮੈਂਬਰ ਵੋਟ ਪਾਉਣ ਲਈ ਪੁੱਜੇ ਸਨ। 142 ਮੈਂਬਰਾਂ ਵਿੱਚੋਂ ਲਗਭਗ ਅੱਧਾ ਦਰਜਨ ਮੈਂਬਰ ਬਿਮਾਰ ਸਨ, ਜੋ ਆਪਣੇ ਰਿਸ਼ਤੇਦਾਰਾਂ ਨਾਲ ਵੋਟ ਪਾਉਣ ਲਈ ਆਏ ਹੋਏ ਸਨ।

Scroll to Top