ਪਾਕਿਸਤਾਨੀ ਹਾਈ ਕਮਿਸ਼ਨ ਨੇ ਅੱਜ ਖੁਲਾਸਾ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਲਈ ਲਗਪਗ 3000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਖੁਲਾਸਾ ਦਿੱਲੀ ਸਥਿਤ ਪਾਕਿਸਤਾਨੀ ਹਾਈ ਕਮਿਸ਼ਨ ਦਫਤਰ ਵੱਲੋਂ ਅੱਜ ਸੋਸ਼ਲ ਮੀਡੀਆ ਮੰਚ ਰਾਹੀਂ ਕੀਤਾ ਗਿਆ ਹੈ। ਐਕਸ ’ਤੇ ਇਸ ਸਬੰਧੀ ਆਪਣੇ ਦਫਤਰੀ ਸਾਈਟ ਤੋਂ ਇਹ ਜਾਣਕਾਰੀ ਦਿੰਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੇ ਦੱਸਿਆ ਕਿ ਇਸ ਵਾਰ ਭਾਰਤ ਵਿੱਚੋਂ 3 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਯਾਤਰੂ 14 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਪਾਕਿਸਤਾਨ ਰਵਾਨਾ ਹੋਣਗੇ ਅਤੇ 23 ਨਵੰਬਰ ਨੂੰ ਵਾਪਸ ਭਾਰਤ ਆਉਣਗੇ।