ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਮਹਿੰਦਰ ਸਿੰਘ ਹੁਸੈਨਪੁਰ, ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਮਲਕੀਤ ਸਿੰਘ ਚੰਗਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਮੈਂਬਰਾਂ ਨੇ ਕਿਹਾ ਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸਿੰਘ ਸਾਹਿਬਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਮੁਲਾਕਾਤ ਹੋਈ। ਇਹ ਮੁਲਾਕਾਤ ਕਰਵਾਉਣ ਲਈ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਚੋਲਗੀ ਕੀਤੀ। ਇਸ ਦੌਰਾਨ ਜਥੇਦਾਰ ਨੂੰ ਪਟਿਆਲਾ ਤੋਂ ਫਤਹਿਗੜ੍ਹ ਸਾਹਿਬ ਲਿਆਂਦਾ ਗਿਆ ਸੀ। ਅੱਜ ਮੁੜ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿੱਚ ਬਲਵਿੰਦਰ ਸਿੰਘ ਭੂੰਦੜ ਦੀ ਮੁਲਾਕਾਤ ਕਰਵਾਈ ਹੈ।