ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੰਮ ਇਸ ਸਬੰਧੀ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਸ੍ਰੀ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਲੋੜੀਂਦੀ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ।