ਮਰਨ ਵਰਤ ਦੇ ਤੀਜੇ ਦਿਨ ਤੇ ਲੜੀਵਾਰ ਭੁੱਖ ਹੜਤਾਲ ਦੇ 117ਵੇਂ ਦਿਨ ਕੰਪਿਊਟਰ ਅਧਿਆਪਕਾਂ ਨੇ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ‘ਝਾੜੂਆਂ’ ਦੀ ਪੰਡ ਫੂਕ ਕੇ ਪ੍ਰਦਰਸ਼ਨ ਕੀਤਾ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਫ਼ੈਸਲਾਕੁਨ ਮੋੜ ’ਤੇ ਪੁੱਜੇ ਸੰਘਰਸ਼ ਤੋਂ ਉਹ ਖਾਲੀ ਹੱਥ ਵਾਪਸ ਨਹੀਂ ਜਾਣਗੇ। ਆਉਣ ਵਾਲੇ ਦਿਨਾਂ ’ਚ ਸੰਘਰਸ਼ ਦੀ ਗੂੰਜ ਪੂਰੇ ਸੂਬੇ ’ਚ ਸੁਣਾਈ ਦੇਵੇਗੀ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਵੱਲੋਂ ਡੀਸੀ ਦਫ਼ਤਰ ਅੱਗੇ ਸ਼ੁਰੂ ਕੀਤਾ ਮਰਨ ਵਰਤ ਅੱਜ ਤੀਜੇ ਦਿਨ ’ਚ ਦਾਖ਼ਲ ਹੋ ਗਿਆ ਹੈ ਜਦੋਂ ਕਿ 117 ਦਿਨਾਂ ਤੋਂ ਲੜੀਵਾਰ ਭੁੱਖ ਹੜਤਾਲ ਵੀ ਜਾਰੀ ਹੈ। ਠੰਢ ਦੇ ਮੌਸਮ ਦੇ ਬਾਵਜੂਦ ਅੱਜ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਨੇ ਮਰਨ ਵਰਤ ਮੋਰਚੇ ’ਚ ਸ਼ਾਮਲ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਬਾਅਦ ਦੁਪਹਿਰ ਕੰਪਿਊਟਰ ਅਧਿਆਪਕ ਝਾੜੂਆਂ ਦੀ ਪੰਡ ਚੁੱਕ ਕੇ ਰੋਸ ਮਾਰਚ ਕਰਦਿਆਂ ਵਿੱਤ ਮੰਤਰੀ ਦੀ ਕੋਠੀ ਅੱਗੇ ਪੁੱਜੇ ਜਿੱਥੇ ਆਵਾਜਾਈ ਬੰਦ ਕਰ ਕੇ ਧਰਨਾ ਦਿੱਤਾ ਗਿਆ ਅਤੇ ਝਾੜੂ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਰਾਜਵੰਤ ਕੌਰ, ਸੁਮਿਤ ਸਰੀਨ, ਰਣਜੀਤ ਸਿੰਘ, ਲਖਵਿੰਦਰ ਸਿੰਘ, ਨਰਦੀਪ ਸ਼ਰਮਾ ਅਤੇ ਡੀਟੀਐੱਫ ਆਗੂ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੋਸ਼ ਲਾਇਆ ਕਿ ਸਰਕਾਰ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਸਰਕਾਰ ਬਣਨ ’ਤੇ ਪੂਰਾ ਕਰਨ ਦੇ ਵਾਅਦੇ ਕੀਤੇ ਸਨ ਜੋ ਵਫ਼ਾ ਨਹੀਂ ਹੋਏ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਦਾ ਸੰਘਰਸ਼ ਰੁਕਣ ਵਾਲ਼ਾ ਨਹੀਂ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਪੱਖ-ਪਾਤ ਬਾਰੇ ਦੱਸਣ ਲਈ ਰਾਹਗੀਰਾਂ ਨੂੰ ਪਰਚੇ ਵੀ ਵੰਡੇ।