ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ), ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਨਵਾਂ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕੀਤੇ ਜਾਣ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪੰਜਾਬ, ਹਰਿਆਣਾ, ਯੂਪੀ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਟਰੈਕਟਰ ਮਾਰਚ ਕੱਢੇ ਗਏ। ਕਿਸਾਨ ਤੇ ਮਜ਼ਦੂਰ ਆਪੋ-ਆਪਣੇ ਟਰੈਕਟਰ ਤੇ ਮੋਟਰਸਾਈਕਲ ਲੈ ਕੇ ਸੜਕਾਂ ’ਤੇ ਉਤਰੇ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਸ) ਨੇ ਜਿੱਥੇ ਦੇਸ਼ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ, ਉਥੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਦੁਪਹਿਰੇ 12 ਤੋਂ 1.30 ਵਜੇ ਤੱਕ ਦੇਸ਼ ਭਰ ਵਿੱਚ ਸਾਰੇ ਸ਼ਾਪਿੰਗ ਮਾਲਜ਼, ਸਾਈਲੋਜ਼, ਭਾਜਪਾ ਆਗੂਆਂ ਦੇ ਘਰਾਂ ਤੇ ਦਫ਼ਤਰਾਂ ਮੂਹਰੇ ਅਤੇ ਟੌਲ ਪਲਾਜ਼ਿਆਂ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਪਿਛਲੇ ਲੰਮੇ ਸਮੇਂ ਤੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨਵੀਂ ਖੇਤੀ ਮੰਡੀਕਰਨ ਨੀਤੀ ਲਿਆ ਕੇ ਕਿਸਾਨਾਂ ਨੂੰ ਮੁੜ ਤੋਂ ਕਾਰਪੋਰੇਟਾਂ ਅਧੀਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੇ ਅਤੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰੇ। ਕੀਤੀ।