ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਪੈਰੋਲ ’ਤੇ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਅਜਿਹੇ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾ ਪੂਰੀ ਹੋਣ ਦੇ ਬਾਵਜੂਦ ਰਿਹਾਅ ਨਾ ਕਰਕੇ ਸਿੱਖਾਂ ਨੂੰ ਦੇਸ਼ ਅੰਦਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਸਰਕਾਰ ਵੱਲੋਂ ਆਪਣੇ ਰਾਜਨੀਤਕ ਹਿਤਾਂ ਲਈ ਵਾਰ-ਵਾਰ ਰਿਹਾਅ ਕਰਕੇ ਕਾਨੂੰਨ ਪ੍ਰਤੀ ਵਿਸ਼ਵਾਸ ਨੂੰ ਖਤਮ ਕੀਤਾ ਜਾ ਰਿਹਾ ਹੈ। ਇਕ ਪਾਸੇ ਬੰਦੀ ਸਿੰਘ ਆਪਣੀਆਂ ਸਜ਼ਾ ਪੂਰੀ ਹੋਣ ਦੇ ਬਾਵਜੂਦ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ। ਦੂਜੇ ਪਾਸੇ ਸੰਗੀਨ ਅਪਰਾਧਾਂ ਲਈ ਸਜ਼ਾ ਜ਼ਾਫਤਾ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।