ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਬੂਟਾ ਸਿੰਘ ਬੁਰਜਗਿੱਲ, ਰੁਲਦੂ ਸਿੰਘ ਮਾਨਸਾ ਅਤੇ ਬੂਟਾ ਸਿੰਘ ਸ਼ਾਦੀਪੁਰ ਨੇ ਅੱਜ ਕਿਸਾਨ ਭਵਨ ਚੰਡੀਗੜ੍ਹ ’ਚ ਐੱਸਕੇਐੱਮ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਮੰਡੀਕਰਨ ਨੀਤੀ ਦੇ ਨਵੇਂ ਖਰੜੇ ਵਿਰੁੱਧ ਸੂਬਾਈ ਰਾਜਧਾਨੀਆਂ ਵਿੱਚ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਤਹਿਤ ਐੱਸਕੇਐੱਮ ਦੀ ਪੰਜਾਬ ਇਕਾਈ ਵੱਲੋਂ 5 ਮਾਰਚ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਇਆ ਜਾਵੇਗਾ। ਐੱਸਕੇਐੱਮ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਮੰਡੀਕਰਨ ਨੀਤੀ ਦੇ ਨਵੇਂ ਖਰੜੇ ਨੂੰ ਰੱਦ ਕਰੇ। ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੂੰ ਬਾਸਮਤੀ, ਆਲੂ, ਮੱਕੀ, ਮਟਰ ਅਤੇ ਗੋਭੀ ਸਣੇ ਹੋਰ ਫ਼ਸਲਾਂ ’ਤੇ ਐੱਮਐੱਸਪੀ ਦੇਣ ਅਤੇ ਐੱਮਐੱਸਪੀ ’ਤੇ ਖ਼ਰੀਦ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਜੋ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਬਣਦਾ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਪੁਲੀਸ ਵੱਲੋਂ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਕੇਸ ਵੀ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਡੀਏਪੀ ਨਹੀਂ ਮਿਲ ਰਹੀ ਹੈ ਅਤੇ ਮੱਕੀ ਦੇ ਬੀਜ ਦੀ ਕਾਲਾਬਾਜ਼ਾਰੀ ਹੋ ਰਹੀ ਹੈ ਪਰ ਸਰਕਾਰ ਇਸ ’ਤੇ ਨੱਥ ਪਾਉਣ ਵਿੱਚ ਨਾਕਾਮ ਹੋ ਗਈ ਹੈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਡਾ. ਸਤਨਾਮ ਅਜਨਾਲਾ, ਮਨਜੀਤ ਸਿੰਘ ਧਨੇਰ, ਪ੍ਰੇਮ ਸਿੰਘ ਭੰਗੂ, ਰੂਪ ਬਸੰਤ ਸਿੰਘ, ਗੁਰਮੀਤ ਸਿੰਘ ਮਹਿਮਾ, ਵੀਰ ਸਿੰਘ ਬੜਵਾ, ਬਿੰਦਰ ਸਿੰਘ ਗੋਲੇਵਾਲਾ, ਅਮਰਪ੍ਰੀਤ ਸਿੰਘ, ਸੁਖ ਗਿੱਲ ਮੋਗਾ, ਚਮਕੌਰ ਸਿੰਘ, ਹਰਬੰਸ ਸਿੰਘ ਸੰਘਾ, ਕਿਰਨਜੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਮੱਲੀ ਨੰਗਲ, ਗੁਰਪ੍ਰੀਤ ਸਿੰਘ, ਸੁਖਮੰਦਰ ਸਿੰਘ, ਵਰਪਾਲ ਸਿੰਘ, ਮੁਕੇਸ਼ ਚੰਦਰ, ਝੰਡਾ ਸਿੰਘ ਜੇਠੂਕੇ, ਵੀਰਪਾਲ ਸਿੰਘ ਢਿੱਲੋਂ ਅਤੇ ਗੁਰਨਾਮ ਭੀਖੀ ਸ਼ਾਮਲ ਸਨ।