ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਸੂਬੇ ਵਿੱਚ ਕਿਸਾਨਾਂ ਲਈ ਕਰਫਿਊ ਵਰਗਾ ਮਾਹੌਲ ਬਣਾ ਰੱਖਿਆ ਹੈ, ਜਦੋਂ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਸ਼ਿਆਰਪੁਰ ਵਿੱਚ ਵਿਪਾਸਨਾ ਕੈਂਪ ਵਿਚ ਆਉਣ ਲਈ 100 ਵਾਹਨਾਂ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦ ਕੇ ਅਪਮਾਨ ਕੀਤਾ, ਮਗਰੋਂ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ। ਡਾ. ਚੀਮਾ ਨੇ ਕਿਹਾ ਕਿ ਦਿੱਲੀ ਵਿੱਚ ਕੇਂਦਰ ਸਰਕਾਰ ਕਿਸਾਨਾਂ ਨੂੰ ਪ੍ਰਦਰਸ਼ਨ ਨਹੀਂ ਕਰਨ ਦੇ ਰਹੀ ਅਤੇ ਹੁਣ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਰੋਕਣ ਲੱਗ ਪਈ ਹੈ। ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨਾਂ ਨੂੰ ਤਾਂ ਮੂੰਗੀ ਅਤੇ ਮੱਕੀ ਦੀ ਫਸਲ ’ਤੇ ਐੱਮਐੱਸਪੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ।