ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਪਗ 42 ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਪੱਤਰ ਸੌਂਪ ਕੇ ਤਿੰਨੋਂ ਜਥੇਦਾਰਾਂ ਨੂੰ ਫਾਰਗ ਕਰਨ ਵਾਲੇ ਅੰਤ੍ਰਿੰਗ ਕਮੇਟੀ ਦੇ ਦੋਵੇਂ ਮਤੇ ਰੱਦ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਿਰੋਧੀ ਧਿਰ ਨਾਲ ਸਬੰਧਤ ਮੈਂਬਰ ਸ਼ਾਮਲ ਹਨ। ਇਹ ਮੰਗ ਪੱਤਰ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਕੱਤਰ ਨੂੰ ਸੌਂਪਿਆ ਗਿਆ। ਮੰਗ ਪੱਤਰ ਦੇਣ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ ,ਅਮਰੀਕ ਸਿੰਘ ਸ਼ਾਹਪੁਰ ਤੇ ਹੋਰ ਸ਼ਾਮਲ ਸਨ। ਬੀਬੀ ਕਿਰਨਜੋਤ ਕੌਰ ਨੇ ਦੱਸਿਆ ਕਿ ਮੰਗ ਪੱਤਰ ’ਤੇ ਲਗਪਗ 42 ਮੈਂਬਰਾਂ ਦੇ ਦਸਤਖ਼ਤ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਤਿੰਨੋਂ ਜਥੇਦਾਰਾਂ ਨੂੰ ਫਾਰਗ ਕਰਨ ਦੇ ਫੈਸਲੇ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ। ਇਸ ਦੌਰਾਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਪੱਤਰ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਮੰਗ ਕੀਤੀ ਗਈ ਕਿ 28 ਮਾਰਚ ਨੂੰ ਬਜਟ ਸਬੰਧੀ ਹੋ ਰਹੇ ਜਨਰਲ ਇਜਲਾਸ ਵਿੱਚ ਤਿੰਨਾਂ ਜਥੇਦਾਰਾਂ ਨੂੰ ਫਾਰਗ ਕਰਨ ਵਾਲੇ ਅੰਤ੍ਰਿੰਗ ਕਮੇਟੀ ਦੇ ਮਤੇ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਮਤੇ ਰੱਦ ਕਰਨ ਦਾ ਏਜੰਡਾ ਜਨਰਲ ਹਾਊਸ ਦੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਤੇ ਕਾਰਜ ਖੇਤਰ ਸਬੰਧੀ ਨਿਯਮ ਤੈਅ ਕੀਤੇ ਜਾਣ ਦੀ ਮੰਗ ਕੀਤੀ।