ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁਨਾਂ ਅਤੇ ਪੁਲੀਸ ਵਿਚਾਲੇ ਤਕਰਾਰ ਤੇ ਝੜਪ ਹੋਣ ਮਗਰੋਂ ਪੁਲੀਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਜਥੇਬੰਦੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰਨ ਜਾ ਰਹੀ ਸੀ। ਇਸ ਦੌਰਾਨ ਪੁਲੀਸ ਵੱਲੋਂ ਮਾਹਲਾ ਪੁਲ ਨੇੜੇ ਸ਼ਹਿਰ ਨੂੰ ਆਉਣ ਵਾਲੀ ਸੜਕ ’ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਨੇ ਟਰੈਕਟਰ ਟਰਾਲੀਆਂ ਦੇ ਨਾਲ ਬੈਰੀਕੇਡ ਤੋੜਨ ਅਤੇ ਅਗਾਂਹ ਵਧਣ ਦਾ ਯਤਨ ਕੀਤਾ, ਜਿਸ ਨਾਲ ਸਕੂਲੀ ਬੱਚੇ ਅਤੇ ਮਹਿਲਾ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ। ਸਿੱਟੇ ਵਜੋਂ ਪੁਲੀਸ ਨੇ ਇਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ। ਦੂਜੇ ਪਾਸੇ ਕਿਸਾਨ ਯੂਨੀਅਨ ਨੇ ਦਾਅਵਾ ਕੀਤਾ ਕਿ ਪੁਲੀਸ ਨਾਲ ਹੋਈ ਝੜਪ ਵਿੱਚ ਉਨ੍ਹਾਂ ਦੇ ਕਈ ਸਾਥੀ ਜ਼ਖ਼ਮੀ ਹੋ ਗਏ ਅਤੇ ਪੁਲੀਸ ਜਬਰੀ ਕਿਸਾਨਾਂ ਨੂੰ ਚੁੱਕ ਕੇ ਲੈ ਗਈ। ਪੁਲੀਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਕਿਸਾਨਾਂ ਵੱਲੋਂ ਇੱਕ ਘਟਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ। ਇਸ ਘਟਨਾ ਤਹਿਤ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਹਾਈ ਕੋਰਟ ਦੇ ਆਦੇਸ਼ਾਂ ’ਤੇ ਬੈਂਕ ਨੂੰ ਜਾਇਦਾਦ ਦਾ ਕਬਜ਼ਾ ਦਿਵਾਉਣ ਵਿੱਚ ਮਦਦ ਕੀਤੀ ਸੀ। ਇਸ ਦਾ ਕਿਸਾਨ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ। ਪੁਲੀਸ ਦੇ ਡੀਸੀਪੀ ਨੇ ਕਿਹਾ ਕਿ ਕਿਸਾਨ ਯੂਨੀਅਨ ਨੇ ਉਸੇ ਦਿਨ ਹੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ ਅਤੇ ਐੱਸਐੱਚਓ ਨੂੰ ਦੋਸ਼ੀ ਠਹਿਰਾਉਂਦੇ ਹੋਏ ਮੁੜ ਧਰਨੇ ਦਾ ਐਲਾਨ ਕੀਤਾ ਸੀ। ਜਦੋਂਕਿ ਪੁਲੀਸ ਅਧਿਕਾਰੀ ਤੇ ਹੋਰ ਅਧਿਕਾਰੀ ਹਾਈ ਕੋਰਟ ਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉੱਥੇ ਮੌਜੂਦ ਸਨ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਉਹ ਐੱਸਡੀਐੱਮ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਸਨ, ਜਿਸ ਨੇ ਭਾਰਤ ਮਾਲਾ ਪ੍ਰਾਜੈਕਟ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਕਥਿਤ ਤੌਰ ’ਤੇ ਗਲਤ ਕੰਮ ਕੀਤਾ। ਉਹ ਇਸੇ ਮਾਮਲੇ ਵਿੱਚ ਡੀਸੀ ਦਫਤਰ ਨੇੜੇ ਧਰਨਾ ਦੇਣ ਜਾ ਰਹੇ ਸਨ ਪਰ ਪੁਲੀਸ ਨੇ ਜਾਣ ਤੋਂ ਰੋਕਿਆ। ਕਿਸਾਨ ਜਥੇਬੰਦੀ ਦੇ ਆਗੂ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਈ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇ ਚੁੱਕੇ ਹਨ ਪਰ ਸਬੰਧਤ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਢੁਕਵਾਂ ਮੁੱਲ ਨਹੀਂ ਮਿਲਿਆ। ਹੁਣ ਉਨ੍ਹਾਂ ਨੂੰ ਆਪਣੀ ਮੰਗ ਰੱਖਣ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਰੋਸ ਪ੍ਰਦਰਸ਼ਨ ਲਈ ਜਾ ਰਹੇ ਕਿਸਾਨਾਂ ’ਤੇ ਵਧੀਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਐਲਾਨ ਕੀਤੇ ਜਾਣ ਤੋਂ ਬਾਅਦ ਵੀ ਮੁਆਵਜ਼ਾ ਨਹੀਂ ਮਿਲਿਆ। ਇਸ ਤੋਂ ਇਲਾਵਾ ਹੋਰ ਵੀ ਮੰਗਾਂ ਸ਼ਾਮਲ ਹਨ।
2 thoughts on “ਧਰਨਾ ਦੇਣ ਜਾ ਰਹੇ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ”
Comments are closed.
Pingback: rybelsus cost
Pingback: clomid drug