ਵੱਖ-ਵੱਖ ਗੁਰਬਾਣੀ ਐਪਸ ਉੱਤੇ ਗੁਰਬਾਣੀ ਦੀ ਗਲਤ ਪੇਸ਼ਕਾਰੀ, ਇੰਟਰਨੈੱਟ ਰਾਹੀਂ ਆ ਰਹੀਆਂ ਧਮਕੀਆਂ ਅਤੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਮੰਚਾਂ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਬਾਰੇ ਗਲਤ ਜਾਣਕਾਰੀ ਦੇਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਸਿਰਦਰਦੀ ਬਣ ਰਿਹਾ ਹੈ। ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਨੇ ਅਜਿਹੇ ਵੱਖ-ਵੱਖ ਏਆਈ ਪਲੇਟਫਾਰਮਾਂ ਦੇ ਪ੍ਰਬੰਧਕਾਂ ਨੂੰ ਈ-ਮੇਲ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ਼ ਪ੍ਰਗਟਾਇਆ ਹੈ। ਜਿਹੜੇ ਏਆਈ ਪਲੇਟਫਾਰਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਈ-ਮੇਲਜ਼ ਭੇਜੀਆਂ ਗਈਆਂ ਹਨ, ਉਨ੍ਹਾਂ ਵਿੱਚ ਚੈਟ ਜੀਪੀਟੀ, ਡੀਪਸੀਕ, ਗਰੋਕ, ਜੈਮਿਨੀ ਏਆਈ, ਮੈਟਾ, ਗੂਗਲ, ਵੀਓ 3, ਡਿਸਕ੍ਰਿਪਟ, ਰਨਵੇਅ ਐੱਮਐੱਲ, ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿੱਡਜਰਨੀ, ਡੀਪਏਆਈ ਅਤੇ ਹੋਰ ਸ਼ਾਮਲ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪਰੰਪਰਾਵਾਂ ਹਨ, ਜਿਨ੍ਹਾਂ ਵਿੱਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਤਕਨੀਕੀ ਯੁੱਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਤਸਵੀਰਾਂ ਨਾਲ ਛੇੜ-ਛਾੜ ਕੀਤੇ ਜਾਣ ਨਾਲ ਸਿੱਖ ਹਿਰਦਿਆਂ ਨੂੰ ਡੂੰਘੀ ਸੱਟ ਵੱਜੀ ਹੈ। ਗੁਰੂ ਗ੍ਰੰਥ ਸਾਹਿਬ ’ਚ ਦਰਜ ਗੁਰਬਾਣੀ ਨਾਲ ਕਿਸੇ ਤਰ੍ਹਾਂ ਦੀ ਛੇੜ-ਛਾੜ ਨਹੀਂ ਹੋ ਸਕਦੀ, ਪਰ ਕੁਝ ਏਆਈ ਐਪਸ ਗੁਰਬਾਣੀ ਦੀਆਂ ਪਾਵਨ ਪੰਕਤੀਆਂ ਨੂੰ ਗਲਤ ਢੰਗ ਨਾਲ ਦਰਸਾ ਰਹੀਆਂ ਹਨ, ਜੋ ਗੁਰਬਾਣੀ ਦੀ ਬੇਅਦਬੀ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਨੂੰ ਕਈ ਇਤਰਾਜ਼ ਮਿਲੇ ਹਨ, ਜਿਸ ਦੇ ਮੱਦੇਨਜ਼ਰ ਏਆਈ ਪਲੇਟਫਾਰਮਾਂ ਨੂੰ ਈ-ਮੇਲ ਭੇਜ ਕੇ ਗਲਤ ਜਾਣਕਾਰੀਆਂ ’ਤੇ ਰੋਕ ਲਾਉਣ ਲਈ ਕਿਹਾ ਗਿਆ ਹੈ।